ਨਸ਼ਾ ਵਿਰੋਧੀ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਰਾਜਵਿੰਦਰ ਸਿੰਘ ਲੱਕੀ ਨਸ਼ਾ ਵਿਰੋਧੀ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਾਜਵਿੰਦਰ ਸਿੰਘ ਲੱਕੀ
Publish Date: Thu, 24 Sep 2026 03:45 PM (IST)
Updated Date: Thu, 24 Sep 2026 03:48 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਮੁੱਦੇ ਨੂੰ ਲੈ ਕੇ ਬਟਾਲਾ ਤੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਲੋਕਾਂ ਨੂੰ ਨਸ਼ੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ 90 ਦਿਨਾਂ ਵਿਚ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਖਤਮ ਹੋਣ ਦੀ ਬਜਾਏ ਗੰਭੀਰ ਬਣੀ ਹੋਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਨਸ਼ੇ ਦਾ ਕਾਰੋਬਾਰ ਫੈਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਅਤੇ ਨੌਜਵਾਨ ਇਸ ਦੀ ਲਪੇਟ ਵਿਚ ਆ ਰਹੇ ਹਨ। ਨਸ਼ੇ ਦੇ ਵਧਦੇ ਪ੍ਰਸਾਰ ਨਾਲ ਅਪਰਾਧ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋ ਰਿਹਾ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਦਕਿ ਚੋਰੀਆਂ, ਲੁੱਟ-ਖੋਹ ਅਤੇ ਹੋਰ ਅਪਰਾਧਾਂ ਨੂੰ ਲੈ ਕੇ ਵੀ ਲੋਕਾਂ ਵਿਚ ਚਿੰਤਾ ਹੈ। ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਜੇਕਰ ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲੱਗੇ ਤਾਂ ਇਸ ਨਾਲ ਅਪਰਾਧ ਨੂੰ ਵੀ ਕਾਬੂ ਕਰਨ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਕਾਰਨ ਨਸ਼ੇ ਦਾ ਨੈੱਟਵਰਕ ਜਾਰੀ ਰਹਿਣ ਦਾ ਵੀ ਪਤਾ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਇਆ ਗਿਆ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਘਟਣ ਦੀ ਬਜਾਏ ਵਧਦੀ ਨਜ਼ਰ ਆ ਰਹੀ ਹੈ। ਜਦਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਦੇ ਨੈੱਟਵਰਕ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਕੀਤੀ ਜਾਵੇਗੀ ਅਤੇ ਛੇ ਮਹੀਨਿਆਂ ਦੇ ਅੰਦਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਦੇ ਪੁੱਤ ਨਸ਼ੇ ਤੋਂ ਬਚਾਉਣਾ ਭਾਜਪਾ ਦੀ ਵੱਡੀ ਤਰਜੀਹ ਹੋਵੇਗੀ।