
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਔੜ 'ਚ ਧਰਨੇ ਤੇ ਬੈਠੇ ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ 'ਤੇ ਅਣਪਛਾਤਿਆਂ ਵੱਲੋਂ ਹਮਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕਸਬਾ ਔੜ ਦੇ ਬੱਸ ਅੱਡੇ ’ਤੇ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਬੈਠੇ ਨਸ਼ਾ ਵਿਰੋਧੀ ਕਮੇਟੀ ਦੇ ਪ੍ਰਧਾਨ ਕਮਲਜੀਤ ਸਾਜਨ ਉੱਪਰ ਬੀਤੀ ਰਾਤ ਅਣਪਛਾਤੇ ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਕੇ ਪ੍ਰਧਾਨ ਸਮੇਤ ਤਿੰਨ ਸਾਥੀਆਂ ਨੂੰ ਜ਼ਖ਼ਮੀ ਕਰ ਦਿੱਤਾ। ਨਿਸ਼ਾ ਕੱਕੜ ਪਤਨੀ ਕਮਲਜੀਤ ਸਾਜਨ ਨੇ ਦੱਸਿਆ ਕਿ ਕਮਲਜੀਤ ਸਾਜਨ ਆਪਣੇ ਸਾਥੀ ਕੁਲਦੀਪ ਕੁਮਾਰ ਅਤੇ ਹਰਮੇਸ਼ ਲਾਲ (ਫੁੱਨਾ ਬਾਬਾ) ਜੋ ਰਾਤ ਸਮੇਂ ਧਰਨੇ ’ਤੇ ਮੌਜੂਦ ਸਨ। ਜਿਨ੍ਹਾਂ ’ਤੇ ਗੱਡੀ ਅਤੇ ਦੋਪਹੀਆ ਵਾਹਨਾਂ ’ਤੇ ਸਵਾਰ ਹੋ ਕੇ ਮੂੰਹ ਬੰਨ੍ਹ ਕੇ ਆਏ ਕਈ ਤੇਜ਼ਧਾਰ ਹਥਿਆਰਬੰਦ ਵਿਅਕਤੀਆਂ ਨੇ ਆਉਂਦਿਆਂ ਹੀ ਹਮਲਾ ਕਰ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਪਹਿਲਾਂ ਔੜ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਆਂਦਾ। ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਸੀਐੱਚਸੀ ਮੁਕੰਦਪੁਰ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੋਂ ਕਮਲਜੀਤ ਸਾਜਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਵੀ ਉਸ ਦੀ ਸਹੀ ਤਰੀਕੇ ਨਾਲ ਦੇਖ-ਰੇਖ ਨਾ ਹੋਣ ਕਰ ਕੇ ਉਸ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਧਰਨੇ ’ਤੇ ਬੈਠੇ ਕਮਲਜੀਤ ਸਾਜਨ ਨੂੰ ਪੁਲਿਸ ਵੱਲੋਂ ਕੋਈ ਸੁਰੱਖਿਆ ਪ੍ਰਦਾਨ ਨਹੀਂ ਕਰਵਾਈ ਗਈ। ਜਿਸ ਕਰ ਕੇ ਇਹ ਭਾਣਾ ਵਾਪਰਿਆ, ਜਿਸ ਤੋਂ ਇਹ ਵੀ ਸ਼ੱਕ ਜਾਹਿਰ ਕੀਤਾ ਜਾਂਦਾ ਹੈ ਕਿ ਇਹ ਹਮਲਾ ਮਿਲੀਭੁਗਤ ਨਾਲ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਨਸ਼ਿਆਂ ਖ਼ਿਲਾਫ਼ ਉਠਾਈ ਜਾ ਰਹੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪਰਿਵਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਇਸੇ ਤਰ੍ਹਾਂ ਹੀ ਜਾਰੀ ਰੱਖੀ ਜਾਵੇਗੀ।
ਇਸ ਸਬੰਧੀ ਪੁਲਿਸ ਥਾਣਾ ਔੜ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਘਟਨਾ ’ਤੇ ਤੁਰੰਤ ਐਕਸ਼ਨ ਲੈਂਦਿਆਂ ਮੌਕੇ ’ਤੇ ਪੁੱਜ ਕੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਹਮਲਾਵਰਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ’ਤੇ ਬੈਠੇ ਕਮਲਜੀਤ ਸਾਜਨ ਦੀ ਸੁਰੱਖਿਆ ਦਾ ਇੰਤਜ਼ਾਮ ਕਿਉਂ ਨਹੀਂ ਕੀਤਾ। ਉਨ੍ਹਾਂ ਨੇ ਜਵਾਬ ਦਿੱਤਾ ਕਿ ਸੁਰੱਖਿਆ ਦਾ ਇੰਤਜ਼ਾਮ ਕੀਤਾ ਸੀ ਪਰ 112 ਨੰਬਰ ’ਤੇ ਆਈ ਸ਼ਿਕਾਇਤ ਸਬੰਧੀ ਪੁਲਿਸ ਮੁਲਾਜ਼ਮ ਓਧਰ ਗਏ ਹੋਏ ਸਨ ਕਿ ਪਿੱਛੋਂ ਹਮਲਾਵਰਾਂ ਨੇ ਘਟਨਾ ਨੂੰ ਅੰਜਾਮ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਬੰਧੀ ਪੁਲਿਸ ਦੇ ਉੱਚ ਅਫਸਰਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ।