ਟੀਬੀ ਮੁਕਤ ਭਾਰਤ ਲਈ ਜਾਗਰੂਕਤਾ ਜ਼ਰੂਰੀ : ਡਾ ਸਤਿੰਦਰਜੀਤ ਕੌਰ ਟੀਬੀ ਮੁਕਤ ਭਾਰਤ ਲਈ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਜ਼ਰੂਰੀ: ਡਾ ਸਤਿੰਦਰਜੀਤ ਕੌਰ
Publish Date: Sat, 24 Oct 2026 04:00 PM (IST)
Updated Date: Sat, 24 Oct 2026 04:01 PM (IST)
ਪਿੰਡ ਜਾਡਲਾ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਟੀਬੀ ਮੁਕਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਜਾਡਲਾ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਜੋਸ਼ (ਜੁਆਇੰਟ ਸਕੂਐਡ ਫਾਰ ਹੈਲਥ) ਟੀਮ ਵੱਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ ਰਾਹੀਂ ਤਪਦਿਕ (ਟੀਬੀ) ਦੇ ਲੱਛਣਾਂ, ਬਚਾਅ, ਜਾਂਚ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸਬੰਧੀ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ ਦੱਸਿਆ ਕਿ ਟੀਬੀ ਇੱਕ ਇਲਾਜਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਪਛਾਣ ਤੇ ਡਾਕਟਰੀ ਸਲਾਹ ਅਨੁਸਾਰ ਪੂਰਾ ਇਲਾਜ ਕਰਵਾਉਣਾ ਇਸ ਤੇ ਕਾਬੂ ਪਾਉਣ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਦੋ ਹਫ਼ਤੇ ਜਾਂ ਇਸ ਤੋਂ ਵੱਧ ਸਮੇਂ ਤੱਕ ਖੰਘ ਰਹੇ, ਬੁਖ਼ਾਰ, ਰਾਤ ਨੂੰ ਪਸੀਨਾ ਆਉਣ, ਭਾਰ ਘਟਣ ਜਾਂ ਭੁੱਖ ਘਟਣ ਵਰਗੇ ਲੱਛਣ ਦਿਖਾਈ ਦੇਣ ਤਾਂ ਬਿਨਾਂ ਦੇਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਟੀਬੀ ਦੀ ਪੁਸ਼ਟੀ ਹੋਣ ਤੇ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ ਅਤੇ ਸਿਹਤ ਕਰਮਚਾਰੀਆਂ ਦੀ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ। ਡਾ. ਕੌਰ ਨੇ ਕਿਹਾ ਕਿ ਟੀਬੀ ਦੀ ਰੋਕਥਾਮ ਅਤੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀਬੀ ਤੋਂ ਪੀੜਤ ਵਿਅਕਤੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ, ਸਗੋਂ ਉਨ੍ਹਾਂ ਨੂੰ ਇਲਾਜ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਪਰਿਵਾਰ ਤੇ ਸਮਾਜ ਵੱਲੋਂ ਸਹਿਯੋਗ ਦਿੱਤਾ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਟੀਬੀ ਦੀ ਜਾਂਚ ਅਤੇ ਇਲਾਜ ਦੀਆਂ ਮੁਫ਼ਤ ਸਹੂਲਤਾਂ ਦਾ ਲਾਭ ਲੈਣ ਲਈ ਵੀ ਉਨ੍ਹਾਂ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ ਨੇ ਲੋਕਾਂ ਨੂੰ ਟੀਬੀ ਬਾਰੇ ਜਾਗਰੂਕ ਰਹਿਣ, ਬਿਮਾਰੀ ਦੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅੰਤ ਵਿੱਚ ਮਹਿਮਾਨਾਂ ਅਤੇ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਡਾ. ਮਦਨ ਲਾਲ ਆਮ ਆਦਮੀ ਕਲੀਨਿਕ, ਪਿੰਡ ਜਾਡਲਾ ਦੇ ਸਰਪੰਚ, ਟੀਬੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਸਮਾਜ ਸੇਵੀ ਮੋਹਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਿਹਤ ਵਿਭਾਗ ਦੇ ਸਟਾਫ਼ ਮੈਂਬਰਾਂ ਵਿਚ ਕਲੀਨਿਕਲ ਅਸਿਸਟੈਂਟ ਕਵਲਜੀਤ ਕੌਰ, ਪ੍ਰਵੀਨ (ਫਾਰਮਾਸਿਸਟ), ਮੋਨਿਕਾ ਓਟ ਸੈਂਟਰ ਅਤੇ ਲਵ ਕੁਮਾਰ ਵੀ ਮੌਜੂਦ ਰਹੇ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟੀਬੀ ਸਬੰਧੀ ਸਹੀ ਜਾਣਕਾਰੀ ਅੱਗੇ ਪਹੁੰਚਾਉਣ, ਲੱਛਣਾਂ ਵਾਲੇ ਵਿਅਕਤੀਆਂ ਨੂੰ ਜਾਂਚ ਲਈ ਪ੍ਰੇਰਿਤ ਕਰਨ ਅਤੇ ਮਰੀਜ਼ਾਂ ਪ੍ਰਤੀ ਹਮਦਰਦੀ ਤੇ ਸਹਿਯੋਗ ਦਾ ਰਵੱਈਆ ਅਪਣਾਉਣ, ਤਾਂ ਜੋ ਟੀਬੀ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।