'ਖੇਤ ਬਚਾਓ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਏ ਪਿੰਡ ਹੀਮਾ ਅਤੇ ਜੰਡਿਆਲੀ ਵਿਖੇ 'ਖੇਤ ਬਚਾਓ ਅਭਿਆਨ' ਤਹਿਤ ਜਾਗਰੂਕਤਾ ਕੈਂਪ ਲਗਾਏ
Publish Date: Wed, 11 Nov 2026 06:25 PM (IST)
Updated Date: Wed, 11 Nov 2026 06:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈਸੀਏਆਰ-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਲੰਗੜੋਆ ਵੱਲੋਂ ਪਿੰਡ ਹੀਮਾ ਅਤੇ ਜੰਡਿਆਲੀ ਵਿਖੇ ਖੇਤ ਬਚਾਓ ਅਭਿਆਨ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ। ਇਹ ਕੈਂਪ ਕੇਵੀਕੇ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ, ਜਿਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਟਿਕਾਊ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਡਾ. ਪ੍ਰਦੀਪ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਦੇ ਲਾਭਕਾਰੀ ਤੱਤ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਨੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਹਰੀ ਖਾਦ ਦੀ ਵਰਤੋਂ, ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਕਰਨ ਅਤੇ ਖੇਤਾਂ ਦੀ ਮਿੱਟੀ ਦੀ ਨਿਯਮਤ ਪਰਖ ਕਰਵਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਮਿਆਰੀ ਅਤੇ ਉੱਨਤ ਕਿਸਮ ਦੇ ਬੀਜਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਵਿਗਿਆਨਕ ਤਰੀਕੇ ਅਪਣਾ ਕੇ ਬੇਲੋੜੇ ਖਰਚਿਆਂ ਨੂੰ ਘਟਾਇਆ ਜਾ ਸਕਦਾ ਹੈ ਅਤੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਪ੍ਰੋਗਰਾਮ ਦੌਰਾਨ ਕੇਵੀਕੇ ਲੰਗੜੋਆ ਦੇ ਸਹਾਇਕ ਪ੍ਰੋਫੈਸਰ (ਐਗਰੋਨੋਮੀ) ਡਾ. ਜਸਵਿੰਦਰ ਕੁਮਾਰ ਅਤੇ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਤੇਜਬੀਰ ਸਿੰਘ ਨੇ ਵੀ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਕਿੱਤਿਆਂ ਵਿੱਚ ਆਧੁਨਿਕ ਅਤੇ ਵਿਗਿਆਨਕ ਤਕਨੀਕਾਂ ਅਪਣਾਉਣ, ਉਤਪਾਦਨ ਲਾਗਤ ਘਟਾਉਣ ਅਤੇ ਵੱਧ ਮੁਨਾਫ਼ਾ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਅੰਤ ਵਿਚ ਕਿਸਾਨਾਂ ਨੇ ਖੇਤੀ ਮਾਹਿਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਦਿੱਤੀਆਂ ਸਿਫ਼ਾਰਸ਼ਾਂ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਅਜਿਹੇ ਜਾਗਰੂਕਤਾ ਕੈਂਪਾਂ ਨੂੰ ਲਾਹੇਵੰਦ ਕਰਾਰ ਦਿੱਤਾ।