‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 22 ਪਿੰਡਾਂ ’ਚ ਕੀਤੀ ਜਾਗਰੂਕਤਾ ਮੀਟਿੰਗ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 22 ਪਿੰਡਾਂ ਵਿਚ ਕੀਤੀ ਜਾਗਰੂਕਤਾ ਮੀਟਿੰਗ
Publish Date: Thu, 08 Oct 2026 03:53 PM (IST)
Updated Date: Thu, 08 Oct 2026 03:56 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 7 ਅਕਤੂਬਰ ਨੂੰ ਜ਼ਿਲ੍ਹੇ ਦੇ 22 ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਸਮਾਜਿਕ ਪੱਧਰ ’ਤੇ ਇਕਜੁੱਟ ਹੋ ਕੇ ਕੋਸ਼ਿਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਜ਼ਿਲ੍ਹੇ ਦੇ ਕਰੀਬ 20 ਪਿੰਡਾਂ ਵਿਚ ਇਹ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਗਰੂਕਤਾ ਮੁਹਿੰਮ ਪਿੰਡ ਕਰੀਮਪੁਰ, ਦੌਲਤਪੁਰ, ਭਾਰਟਾ ਖੁਰਦ, ਦੁਪਾਲਪੁਰ, ਮਹਾਲੋ, ਟੁੰਡੇਵਾਲ, ਬੱਲੋਵਾਲ ਸੋਂਖੜੀ, ਕੁਹਾਰ, ਫਤਿਹਪੁਰ, ਡੁੱਗਰੀ, ਨਿੱਘੀ, ਮੰਢਿਆਣੀ, ਨਵਾਂ ਪਿੰਡ ਟਕਾਰਲਾ, ਮੁੰਨ, ਚੇਤਾ, ਅਟਾਰੀ, ਪੱਦੀ ਮੱਟ ਵਾਲੀ, ਲੋਦੀਪੁਰ, ਮੀਰਪੁਰ ਲੱਖਾ, ਮੁਕੰਦਪੁਰ, ਸਧਾਪੁਰ ਅਤੇ ਝੰਡੇਰ ਕਲਾਂ ਵਿਖੇ ਕਰਵਾਈ। ਇਸ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਕਾਰਨ ਪੈਦਾ ਹੋਣ ਵਾਲੇ ਸਮਾਜਿਕ, ਆਰਥਿਕ ਅਤੇ ਸਿਹਤ ਸਬੰਧੀ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ। ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪ੍ਰਸ਼ਾਸਨ ਜਾਂ ਪੁਲਿਸ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ। ਪਰਿਵਾਰ, ਸਮਾਜ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਾ ਮੁਕਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਸੰਭਵ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।