ਡੀਜੀਸੀ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਮੀਨਾਰ ਡੀਜੀਸੀ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Mon, 05 Oct 2026 04:59 PM (IST)
Updated Date: Tue, 06 Oct 2026 04:05 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਅਤੇ ਬੱਚਿਆਂ ਨੂੰ ਜਿਣਸੀ ਅਪਰਾਧਾਂ ਤੋਂ ਸੁਰੱਖਿਆ ਸੰਬੰਧੀ ਕਾਨੂੰਨ ਪੋਕਸੋ ਐਕਟ ਬਾਰੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਸੀ। ਸੈਮੀਨਾਰ ਦੌਰਾਨ ਕੁਲਵੰਤ ਰਾਮ ਅਤੇ ਜਸਵਿੰਦਰ ਸਿੰਘ ਨੇ ਸਾਈਬਰ ਕ੍ਰਾਈਮ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਸੰਬੰਧੀ ਜਾਣਕਾਰੀ ਭਰਪੂਰ ਲੈਕਚਰ ਦਿੱਤੇ। ਉਨ੍ਹਾਂ ਸਾਈਬਰ ਅਪਰਾਧਾਂ ਦੇ ਵੱਖ-ਵੱਖ ਰੂਪਾਂ ਜਿਵੇਂ ਕਿ ਆਨਲਾਈਨ ਧੋਖਾਧੜੀ, ਫਿਸ਼ਿੰਗ, ਪਛਾਣ ਦੀ ਚੋਰੀ, ਸੋਸ਼ਲ ਮੀਡੀਆ ਦੀ ਦੁਰਵਰਤੋਂ ਅਤੇ ਹੋਰ ਆਨ ਲਾਈਨ ਖ਼ਤਰਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿੱਜੀ ਜਾਣਕਾਰੀ, ਪਾਸਵਰਡ, ਓਟੀਪੀ ਅਤੇ ਵਿੱਤੀ ਵੇਰਵੇ ਆਨ ਲਾਈਨ ਸਾਂਝੇ ਕਰਦੇ ਸਮੇਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਸਾਈਬਰ ਗਤੀਵਿਧੀ ਦੀ ਤੁਰੰਤ ਸੰਬੰਧਤ ਅਧਿਕਾਰੀਆਂ ਨੂੰ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਵੱਲੋਂ ਪੋਕਸੋ ਐਕਟ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਜਿਣਸੀ ਸ਼ੋਸ਼ਣ ਅਤੇ ਦੁਰਵਿਵਹਾਰ ਤੋਂ ਬਚਾਉਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜਾਗਰੂਕਤਾ, ਸਮੇਂ ਸਿਰ ਰਿਪੋਰਟ ਕਰਨਾ ਅਤੇ ਉਚਿਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਤੇ ਟੋਲ-ਫ੍ਰੀ ਹੈਲਪ ਲਾਈਨ ਨੰਬਰਾਂ, ਕਾਨੂੰਨੀ ਸਹਾਇਤਾ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋੜ ਪੈਣ ਤੇ ਸਹਾਇਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਸੈਮੀਨਾਰ ਵਿਚ ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਿਦਿਆਰਥੀਆਂ ਨੇ ਵੀ ਭਾਗ ਲਿਆ। ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਨੌਜਵਾਨਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਜ਼ਿੰਮੇਵਾਰੀਆਂ ਅਤੇ ਤਕਨਾਲੋਜੀ ਦੀ ਸੁਰੱਖਿਅਤ ਵਰਤੋਂ ਬਾਰੇ ਜਾਣਕਾਰੀ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਦੋਆਬਾ ਗਰੁੱਪ ਆਫ਼ ਕਾਲਜਿਜ਼, ਰਾਹੋਂ ਦੇ ਪ੍ਰਬੰਧਕਾਂ ਨੇ ਇਸ ਜਾਣਕਾਰੀ ਭਰਪੂਰ ਸੈਸ਼ਨ ਦਾ ਆਯੋਜਨ ਕਰਨ ਅਤੇ ਵਿਦਿਆਰਥੀਆਂ ਨੂੰ ਕੀਮਤੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਵਾਂਸ਼ਹਿਰ ਦਾ ਧੰਨਵਾਦ ਅਤੇ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ।