ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਝੋਨੇ ਦੀ ਕਟਾਈ ’ਤੇ ਪਾਬੰਦੀ ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਝੋਨੇ ਦੀ ਕਟਾਈ ਤੇ ਪਾਬੰਦੀ
Publish Date: Tue, 22 Sep 2026 04:36 PM (IST)
Updated Date: Tue, 22 Sep 2026 04:39 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਜਿੱਥੇ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ, ਉੱਥੇ ਝੋਨੇ ਦੀ ਫਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਵੀ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ। ਜਿਸ ਨਾਲ ਝੋਨੇ ਵਿਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ਤੇ ਵੀ ਅਸਰ ਪੈਂਦਾ ਹੈ। ਇਸੇ ਤਰ੍ਹਾਂ ਝੋਨੇ ਵਿਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿਚ ਖੱਜਲ-ਖੁਆਰੀ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕ ਬਿਨਾਂ ਐੱਸਐੱਮਐੱਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਕਤ ਖਦਸ਼ਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਦੀ ਕਟਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਉਪਰੰਤ ਜ਼ਿਲ੍ਹੇ ਵਿਚ ਝੋਨੇ ਦੀ ਫਸਲ ਦੀ ਕਟਾਈ ਅਤੇ ਉਸ ਦੀ ਰਹਿੰਦ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕੋਈ ਵੀ ਕੰਬਾਈਨ ਮਾਲਕ ਬਿਨਾਂ ਐੱਸਐੱਮਐੱਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ। ਇਹ ਹੁਕਮ ਮਿਤੀ 17.11.2026 ਤੱਕ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।