ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੇ ਵੱਢਣ ’ਤੇ ਪਾਬੰਦੀ ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ 'ਤੇ ਪਾਬੰਦੀ
Publish Date: Sun, 11 Oct 2026 04:58 PM (IST)
Updated Date: Sun, 11 Oct 2026 04:59 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੇ ਕੱਟਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹੇ ਵਿਚ ਕਿਸੇ ਵੀ ਜਗ੍ਹਾਂ ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਕਿਉਂਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ਤੇ ਇਨ੍ਹਾਂ ਵੱਡੇ ਦਰੱਖਤਾਂ ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 5 ਦਸੰਬਰ 2026 ਤੱਕ ਲਾਗੂ ਰਹਿਣਗੇ।