- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ 'ਚ ਨਵਾਂਸ਼ਹਿਰ ਵਿਖੇ ਭਾਜਪਾ ਵੱਲੋਂ ਪ੍ਰਦਰਸ਼ਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਨਵਾਂਸ਼ਹਿਰ ਵਿਖੇ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਭਾਜਪਾ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਭਾਜਪਾ ਨੇ ਮੰਗ ਪੱਤਰ ਵਿਚ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। 13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ। ਪਾਰਟੀ ਨੇ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਿਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਤਲ ਕਾਂਡ ਵਿਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਅਮਨ ਰਾਣਾ, ਡਿੰਪਲ ਭਾਰਦਵਾਜ, ਸੰਜੀਵ ਭਾਰਦਵਾਜ, ਮੁਨੀਸ਼ ਅਗਨੀਹੋਤਰੀ, ਨੰਦ ਕਿਸ਼ੋਰ, ਸੰਦੀਪ ਭਾਟੀਆ ਸੋਨੂੰ, ਅਜੇ ਕਟਾਰੀਆ, ਕਰਨ ਦੀਵਾਨ, ਨਮਰਤਾ ਖੰਨਾ, ਨਰਿੰਦਰ ਸੂਦਨ, ਜਸਵੰਤ ਸਿੰਘ ਕੰਗਣਾ, ਬਾਬਾ ਗੁਰਮੀਤ ਸਿੰਘ, ਚੇਤ ਰਾਮ, ਮਨੀਸ਼ ਮਸੀਹ, ਜਤਿੰਦਰ ਸੈਣੀ, ਰਵੀ ਰਾਣਾ, ਨਰੇਸ਼ ਰਾਵਲ, ਵਿਸ਼ਾਲ ਚੋਪੜਾ, ਟੀਕਮ ਚੌਧਰੀ, ਰਜਨੀ, ਡਾ. ਤਜਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਰਾਜਪੂਤ, ਰਾਮਾ ਨੰਦ ਭਨੋਟ, ਜੱਸੀ ਮਹਾਲੋਂ, ਸੁਖਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।