ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਹੱਕ ’ਚ ਕੈਂਡਲ ਮਾਰਚ
ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ
Publish Date: Thu, 15 Jan 2026 07:41 PM (IST)
Updated Date: Fri, 16 Jan 2026 04:10 AM (IST)

18 ਨੂੰ ਮੋਗਾ ਵਿਖੇ ਸੂਬਾ ਪੱਧਰੀ ਇਨਸਾਫ਼ ਰੈਲੀ ਚ ਭਰਵੀਂ ਸ਼ਮੂਲੀਅਤ ਦਾ ਐਲਾਨ ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਡਿਊਟੀ ਦੌਰਾਨ ਮੋਗਾ ਵਿਖੇ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ ਸਥਾਨਕ ਬਾਰਾਂਦਰੀ ਬਾਗ ਤੋਂ ਫੱਟੀ ਬਸਤਾ ਚੌਕ ਤੋਂ ਹੁੰਦੇ ਹੋਏ ਬੱਸ ਸਟੈਂਡ ਚੌਂਕ ਨੇੜੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੱਕ ਕੈਂਡਲ ਮਾਰਚ ਕੱਢਿਆ। ਜਿਸ ਵਿਚ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਨੇ ਭਾਗ ਲਿਆ। ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਬਿਕਰਮਜੀਤ ਸਿੰਘ, ਹਰਮਿੰਦਰ ਸਿੰਘ ਉਪਲ ਅਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ 14 ਦਸੰਬਰ ਨੂੰ ਅਧਿਆਪਕ ਜਸਕਰਨ ਸਿੰਘ ਭੁੱਲਰ ਤੇ ਉਨ੍ਹਾਂ ਦੀ ਪਤਨੀ ਅਧਿਆਪਕਾ ਕਮਲਜੀਤ ਕੌਰ ਦੀ ਸਵੇਰੇ ਮੋਗਾ ਜ਼ਿਲ੍ਹੇ ਵਿਚ ਪ੍ਰਸਾਸ਼ਨ ਵੱਲੋਂ ਦੂਰ-ਦੁਰਾਡੇ ਲਗਾਈ ਚੋਣ ਡਿਊਟੀ ਤੇ ਜਾਂਦੇ ਸਮੇਂ ਕਾਰ ਸੂਏ ਵਾਲੇ ਪਾਣੀ ਵਿਚ ਡਿੱਗਣ ਕਾਰਣ ਹੋਏ ਭਿਆਨਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੂਣਕ (ਜ਼ਿਲ੍ਹਾ ਸੰਗਰੂਰ) ਵਿਖੇ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਦੀ ਮੂਣਕ, ਸਿੱਖਿਆ ਪ੍ਰੋਵਾਇਡਰ ਅਧਿਆਪਕਾ ਪਰਮਜੀਤ ਕੌਰ ਦੀ ਸਮਾਣਾ ਦੇ ਨੇੜੇ ਅਤੇ ਗੁਰਵਿੰਦਰ ਸਿੰਘ ਪਾਤੜਾਂ ਨੇੜੇ ਦੁਰਘਟਨਾ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖ਼ਮੀ ਹੋਏ। ਪੰਜਾਬ ਵਿਚ ਕਈ ਹੋਰ ਥਾਵਾਂ ਤੇ ਵੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦੀ ਚੋਣ ਡਿਊਟੀਆਂ ਦੇ ਮਾਮਲੇ ਵਿਚ ਕੀਤੀ ਮਨਮਰਜ਼ੀ ਅਤੇ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਦਾ ਅਧਿਆਪਕਾਂ ਨੂੰ ਸ਼ਿਕਾਰ ਹੋਣਾ ਪਿਆ।। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਜੋੜੇ ਨੂੰ 10-10 ਲੱਖ ਰੁਪਏ ਦੀ ਨਿਗੂਣੀ ਰਾਸ਼ੀ ਦੇ ਚੈੱਕ ਦਿੱਤੇ ਗਏ। ਜੋ ਕਿ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਨਕਾਰ ਦਿੱਤੇ ਗਏ ਜਦੋਂ ਕਿ ਜ਼ਖ਼ਮੀਂ ਹੋਏ ਅਧਿਆਪਕਾਂ ਦੀ ਤਾਂ ਸਰਕਾਰ ਨੇ ਕੋਈ ਸਾਰ ਵੀ ਨਹੀਂ ਲਈ। ਆਗੂਆਂ ਨੇ ਮੰਗ ਕੀਤੀ ਕਿ ਸਦੀਵੀ ਵਿਛੋੜਾ ਦੇ ਗਏ ਅਧਿਆਪਕ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਭਿਆਨਕ ਮੌਤ ਤੇ 2-2 ਕਰੋੜ ਰੁਪਏ ਦਾ ਮੁਆਵਜ਼ਾ ਉਨ੍ਹਾਂ ਦੇ ਬੱਚਿਆਂ ਦੇ ਨਾਂ ਤੇ ਤੁਰੰਤ ਜਾਰੀ ਕੀਤਾ ਜਾਵੇ। ਬੱਚਿਆਂ ਦੀ ਪੜ੍ਹਾਈ ਦੀ ਸਰਕਾਰੀ ਪੱਧਰ ਤੇ ਜ਼ਿੰਮੇਵਾਰੀ ਲਈ ਜਾਵੇ ਅਤੇ ਉਨ੍ਹਾਂ ਦੇ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖੀ ਜਾਵੇ। ਇਸ ਤੋਂ ਇਲਾਵਾ ਜ਼ਖ਼ਮੀਂ ਹੋਏ ਅਧਿਆਪਕਾਂ ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਇਲਾਜ਼ ਦੀ ਜ਼ਿੰਮੇਵਾਰੀ ਸਰਕਾਰ ਵੱਲੋਂ ਉਠਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਤੰਦਰੁਸਤ ਹੋਣ ਤੱਕ ਤਨਖ਼ਾਹ ਸਮੇਤ ਛੁੱਟੀ ਤੇ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਦੀਆਂ ਬੀਐੱਲਓ ਅਤੇ ਹੋਰ ਗੈਰ-ਵਿੱਦਿਅਕ ਡਿਊਟੀਆਂ ਰੱਦ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਹਾਦਸੇ ਦੇ ਸ਼ਿਕਾਰ ਹੋਏ ਅਧਿਆਪਕਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ 18 ਜਨਵਰੀ ਨੂੰ ਮੋਗਾ ਵਿਖੇ ਅਧਿਆਪਕ ਇਨਸਾਫ਼ ਕਮੇਟੀ ਦੇ ਬੈਨਰ ਹੇਠ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਹਾਜ਼ਰ ਅਧਿਆਪਕਾਂ ਨੂੰ ਇਸ ਰੈਲੀ ਦੀ ਲਾਮਬੰਦੀ ਵਿਚ ਜੁਟਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਅਜੇ ਚਾਹੜ ਮਜਾਰਾ, ਚੰਦਰ ਸ਼ੇਖਰ, ਭੁਪਿੰਦਰ ਸੜੋਆ, ਸਤਨਾਮ ਮੀਰਪੁਰੀ, ਜਗਦੀਪ ਸੈਂਪਲੇ, ਮਨਜੀਤ ਰਾਮ, ਗੁਰਪ੍ਰੀਤ ਸਿੰਘ, ਕਿਸ਼ਨ ਖਟਕੜ, ਸੁਰਜੀਤ ਸੈਂਪਲੇ, ਸਤਨਾਮ ਰਾਮ, ਯੋਧ ਪਾਲ, ਗੁਰਦੀਸ਼ ਸਿੰਘ, ਪ੍ਰਸ਼ੋਤਮ ਲਾਲ, ਗੁਰਨਾਮ ਸਿੰਘ, ਬਲਜੀਤ ਸਿੰਘ, ਮਨਜਿੰਦਰ ਜੀਤ ਸਿੰਘ, ਇਕਬਾਲ ਸਿੰਘ, ਮਨਮੋਹਣ ਸਿੰਘ ਚੱਢਾ, ਹਰਜੀਤ ਸਿੰਘ, ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ, ਦਲਜੀਤ, ਸਰਬਜੀਤ, ਕੰਚਨ ਘਈ, ਜਸਵਿੰਦਰ ਸਿੰਘ ਸੰਧੂ, ਨਰਿੰਦਰ ਸਿੰਘ, ਚੰਦਰ ਸ਼ੇਖਰ, ਬਲਜਿੰਦਰ ਕੁਮਾਰ, ਦੇਸ ਰਾਜ, ਸੰਜੀਵ ਦੁੱਗਲ ਤੇ ਹੋਰ ਹਾਜ਼ਰ ਸਨ।