ਫਾਰਮੇਸੀ ਅਫ਼ਸਰਾਂ ਤੇ ਕਲੀਨੀਕਲ ਅਸਿਸਟੈਂਟਾਂ ਦੀ ਟ੍ਰੇਨਿੰਗ ਕਰਵਾਈ ਫਾਰਮੇਸੀ ਅਫ਼ਸਰਾਂ ਤੇ ਕਲੀਨੀਕਲ ਅਸਿਸਟੈਂਟਾਂ ਦੀ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਆਯੋਜਿਤ
Publish Date: Sat, 14 Nov 2026 02:57 PM (IST)
Updated Date: Sat, 14 Nov 2026 03:00 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਹੋਰ ਬਿਹਤਰ, ਮਿਆਰੀ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਲਈ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ। ਜਿਸ ਦੌਰਾਨ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਉਦੇਸ਼ ਅਜਿਹੀਆਂ ਸਿਖਲਾਈ ਗਤੀਵਿਧੀਆਂ ਰਾਹੀਂ ਸਿਹਤ ਕਰਮਚਾਰੀਆਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਨਾ ਅਤੇ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਮੁੱਢਲੀ ਇਕਾਈ ਹਨ ਅਤੇ ਇੱਥੇ ਆਉਣ ਵਾਲੇ ਹਰੇਕ ਮਰੀਜ਼ ਨੂੰ ਸੁਚੱਜੀਆਂ, ਸਮੇਂ ਸਿਰ ਅਤੇ ਮਿਆਰੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਟ੍ਰੇਨਿੰਗ ਦੌਰਾਨ ਐੱਨਸੀਡੀ (ਗੈਰ-ਸੰਚਾਰੀ ਬਿਮਾਰੀਆਂ), ਜੱਚਾ-ਬੱਚਾ ਸਿਹਤ ਸੇਵਾਵਾਂ, ਕੈਂਸਰ ਸਕਰੀਨਿੰਗ, ਐਂਟੀ ਰੇਬੀਜ਼ ਵੈਕਸੀਨੇਸ਼ਨ, ਨਿਯਮਤ ਟੀਕਾਕਰਨ ਪ੍ਰੋਗਰਾਮ ਅਤੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏਬੀਡੀਐੱਮ) ਆਦਿ ਮਹੱਤਵ ਪੂਰਨ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ। ਸਿਖਲਾਈ ਦੌਰਾਨ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਮਰੀਜ਼ਾਂ ਦੀ ਸਹੀ ਕਾਊਂਸਲਿੰਗ, ਸਮੇਂ ਸਿਰ ਸਕਰੀਨਿੰਗ, ਰਿਕਾਰਡ ਦੀ ਸਹੀ ਸਾਂਭ-ਸੰਭਾਲ ਅਤੇ ਡਿਜੀਟਲ ਸਿਹਤ ਸੇਵਾਵਾਂ ਦੀ ਵਰਤੋਂ ਸੰਬੰਧੀ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਟ੍ਰੇਨਿੰਗ ਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।