ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 8 ਤੋਂ ਹੋਵੇਗੀ ਲਾਗੂ : ਏਡੀਸੀ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 8 ਜਨਵਰੀ ਤੋੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾਵੇਗੀ-ਏਡੀਸੀ
Publish Date: Tue, 06 Jan 2026 04:59 PM (IST)
Updated Date: Tue, 06 Jan 2026 05:02 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹੇ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਵੀਰ ਰਾਜ ਸਿੰਘ ਨੇ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਯੋਜਨਾ ਦੀ ਸਫ਼ਲ ਸ਼ੁਰੂਆਤ ਲਈ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਅਤੇ ਸਿਹਤ ਸੇਵਾਵਾਂ ਦੀ ਉਪਲੱਬਧਤਾ ਸਬੰਧੀ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਐੱਸਡੀਐੱਮ ਬਲਾਚੌਰ ਕ੍ਰਿਤਿਕਾ ਗੋਇਲ ਹਾਜ਼ਰ ਸਨ। ਏਡੀਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਰਿਵਾਰਾਂ ਦੀ ਰਜਿਸਟ੍ਰੇਸ਼ਨ 8 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਹਰ ਯੋਗ ਨਾਗਰਿਕ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦੇ ਸਫ਼ਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ, ਪਾਰਦਰਸ਼ਤਾ ਅਤੇ ਵਿਭਾਗੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਸਹਿਯੋਗੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਿਹਤ ਬੀਮਾ ਕਾਰਡ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤੇ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਦਾ ਸਹਿਯੋਗ ਲੈ ਕੇ ਯੋਜਨਾ ਬਾਰੇ ਵਿਆਪਕ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵੀ ਯੋਗ ਨਾਗਰਿਕ ਸਿਹਤ ਕਾਰਡ ਬਣਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਕਾਰਜਸ਼ੀਲ ਕਾਮਨ ਸਰਵਿਸ ਸੈਂਟਰਾਂ (ਸੀਐੱਸਸੀ) ਨਾਲ ਮੈਪਿੰਗ ਇਸ ਤਰ੍ਹਾਂ ਕੀਤੀ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਸਿਹਤ ਕਾਰਡ ਬਣਵਾਉਣ ਲਈ ਦੂਰ ਨਾ ਜਾਣਾ ਪਵੇ। ਇਹ ਕਾਰਡ ਆਪਣੇ ਨੇੜਲੇ ਕਾਰਜਸ਼ੀਲ ਸੀਐੱਸਸੀ ਤੇ ਬਣਾਏ ਜਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਨਾ ਉਮਰ ਦੀ ਕੋਈ ਹੱਦ ਹੈ ਅਤੇ ਨਾ ਹੀ ਆਮਦਨ ਦੀ ਕੋਈ ਸ਼ਰਤ ਸਿਰਫ਼ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਬਾਲਗਾਂ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਜਦਕਿ ਬੱਚਿਆਂ ਲਈ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨਾਲ ਮਹਿੰਗੇ ਇਲਾਜ ਦੇ ਖਰਚਿਆਂ ਤੋਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 2 ਹਜ਼ਾਰ ਤੋਂ ਵੱਧ ਬਿਮਾਰੀਆਂ ਨੂੰ ਕਵਰ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਾਰੇ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਵਿਭਾਗੀ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲ ਬਣਾਇਆ ਜਾਵੇ।