ਆਂਗਨਵਾੜੀ ਕੇਂਦਰਾਂ ’ਚ ਈਸੀਸੀਈ ਦਿਵਸ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ ਆਂਗਣਵਾੜੀ ਕੇਂਦਰਾਂ ਵਿਚ ਈਸੀਸੀਈ ਦਿਵਸ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ
Publish Date: Fri, 09 Oct 2026 03:30 PM (IST)
Updated Date: Fri, 09 Oct 2026 03:32 PM (IST)
ਰਮੇਸ਼ ਸ਼ਰਮਾ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹੇ ਦੇ ਆਂਗਨਵਾੜੀ ਕੇਂਦਰਾਂ ਵਿਚ ਈਸੀਸੀਈ (ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ। ਇਸ ਮਹੀਨੇ ਦੀ ਥੀਮ ਦੁਸਹਿਰਾ ਅਤੇ ਦੀਵਾਲੀ-ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਤਹਿਤ ਬੱਚਿਆਂ ਨੂੰ ਇਨ੍ਹਾਂ ਤਿਉਹਾਰਾਂ ਦੀ ਸੱਭਿਆਚਾਰਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਂਗਨਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਖੇਡਾਂ, ਕਹਾਣੀਆਂ, ਗੀਤਾਂ, ਚਿੱਤਰਕਾਰੀ ਅਤੇ ਹੋਰ ਰਚਨਾਤਮਕ ਸਰਗਰਮੀਆਂ ਰਾਹੀਂ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਨਾਲ ਜਾਣੂ ਕਰਵਾਇਆ। ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਅਤੇ ਦੀਵਾਲੀ ਦੇ ਤਿਉਹਾਰ ਰਾਹੀਂ ਰੌਸ਼ਨੀ, ਖੁਸ਼ੀਆਂ, ਆਪਸੀ ਪਿਆਰ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਈਸੀਸੀਈ ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਵਧਾਉਣਾ ਅਤੇ ਖੇਡ-ਖੇਡ ਵਿੱਚ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ, ਮਿਲਵਰਤਣ ਅਤੇ ਸਮਾਜਿਕ ਕਦਰਾਂ-ਕੀਮਤਾਂ ਦਾ ਵਿਕਾਸ ਹੁੰਦਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਸਿੱਖਿਆਤਮਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਲਈ ਇਸ ਤਰ੍ਹਾਂ ਦੀਆਂ ਰਚਨਾਤਮਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਨਿਯਮਿਤ ਤੌਰ ਤੇ ਕਰਵਾਉਣ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।