ਕਿਰਤ ਕਾਨੂੰਨਾਂ ਦੀਆਂ ਉਲੰਘਣਾਵਾਂ ਖ਼ਿਲਾਫ਼ 'ਸੀਟੂ' ਵੱਲੋਂ ਗੇਟ ਰੈਲੀ
ਪੇਪਰ ਮਿੱਲ ਬਨਾਂ ਦੀ ਮੈਨੇਜਮੈਂਟ ਵੱਲੋਂ ਕਿਰਤ ਕਾਨੂੰਨਾਂ ਦੀਆਂ ਉਲੰਘਣਾਵਾਂ ਖ਼ਿਲਾਫ਼ 'ਸੀਟੂ' ਵੱਲੋਂ ਗੇਟ ਰੈਲੀ
Publish Date: Wed, 11 Mar 2026 06:27 PM (IST)
Updated Date: Thu, 12 Mar 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ : ਸ੍ਰੀਆਸ ਪੇਪਰ ਮਿੱਲ ਬਨਾਂ ਦੀ ਮੈਨੇਜਮੈਂਟ ਵੱਲੋਂ ਵਰਕਰਾਂ ਦੀਆਂ ਸਹੂਲਤਾਂ ਵਿਚ ਕੀਤੀ ਜਾ ਰਹੀ ਕਟੌਤੀ ਅਤੇ ਕਿਰਤ ਕਾਨੂੰਨਾਂ ਦੀ ਸ਼ਰੇਆਮ ਉਲੰਘਣਾ ਦੇ ਵਿਰੋਧ ਵਿਚ ਪੇਪਰ ਮਿੱਲ ਵਰਕਰ ਯੂਨੀਅਨ ਸੀਟੂ ਵੱਲੋਂ ਇੱਕ ਵਿਸ਼ਾਲ ਗੇਟ ਰੈਲੀ ਕੀਤੀ। ਸੀਟੂ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੋੜੀ ਨੇ ਮੈਨੇਜਮੈਂਟ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਰਕਰਾਂ ਨੂੰ ਮੁੜ ਕੰਮ ਤੇ ਰੱਖ ਕੇ ਪੁਰਾਣੇ ਕੱਚੇ ਮੁਲਾਜ਼ਮਾਂ ਦੇ ਹੱਕ ਮਾਰੇ ਜਾ ਰਹੇ ਹਨ। ਫੈਕਟਰੀ ਵਿਚ ਕੰਮ ਕਰਦੇ ਵਰਕਰਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਘੱਟੋ-ਘੱਟ ਉਜਰਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਮੁਲਾਜ਼ਮਾਂ ਦਾ ਨਾ ਤਾਂ ਪ੍ਰੋਵੀਡੈਂਟ ਫੰਡ ਕੱਟਿਆ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਤੇ ਈਐੱਸਆਈ ਦੀਆਂ ਸਹੂਲਤਾਂ ਲਾਗੂ ਕੀਤੀਆਂ। ਬਿਮਾਰ ਹੋਣ ਦੀ ਸੂਰਤ ਵਿਚ ਵਰਕਰਾਂ ਨੂੰ ਕੋਈ ਮੈਡੀਕਲ ਭੱਤਾ ਜਾਂ ਇਲਾਜ ਦੀ ਸਹੂਲਤ ਨਹੀਂ ਦਿੱਤੀ ਜਾਂਦੀ। ਕੱਚੇ ਮੁਲਾਜ਼ਮਾਂ ਤੋਂ ਪੂਰਾ ਕੰਮ ਲਿਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਨਾ ਤਾਂ ਕੋਈ ਆਫਰ ਲੈਟਰ ਦਿੱਤਾ ਗਿਆ ਹੈ ਅਤੇ ਨਾ ਹੀ ਬਣਦੀ ਤਨਖਾਹ।ਯੂਨੀਅਨ ਦੇ ਸੈਕਟਰੀ ਹਰੇ ਰਾਮ ਯਾਦਵ ਅਤੇ ਹੋਰ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੈਨੇਜਮੈਂਟ ਦੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਮੈਨੇਜਮੈਂਟ ਨੇ ਰਿਟਾਇਰ ਹੋ ਚੁੱਕੇ ਵਰਕਰਾਂ ਨੂੰ ਤੁਰੰਤ ਕੰਮ ਤੋਂ ਨਾ ਹਟਾਇਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ, ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਆਗੂਆਂ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਲਾਮਬੰਦ ਹੋਣ ਅਤੇ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਵੱਡੇ ਸੰਘਰਸ਼ ਲਈ ਤਿਆਰ ਰਹਿਣ।