- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਦੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਧੂਰੀ 'ਚ ਸੀਟੂ ਦਾ ਸੰਘਰਸ਼ 3 ਨਵੰਬਰ ਨੂੰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸੀਆਈਟੀਯੂ ਦੀ ਸੂਬਾ ਵਰਕਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਸਮਰਾਲਾ ਵਿਖੇ ਸੂਬਾ ਪ੍ਰਧਾਨ ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਇਸ ਮੀਟਿੰਗ ਵਿਚ ਸੀਟੂ ਦੇ ਆਲ ਇੰਡੀਆ ਮੀਤ ਪ੍ਰਧਾਨ ਡਾ. ਹੇਮ ਲਤਾ ਨੇ ਵਿਸ਼ੇਸ਼ ਤੌਰ‘ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਪ੍ਰਧਾਨਗੀ ਭਾਸ਼ਣ ਤੋਂ ਬਾਅਦ ਵਿਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਅਤੇ ਸ਼ਰਧਾਂਜਲੀ ਦੇ ਕੇ ਕੀਤੀ। ਡਾ. ਹੇਮ ਲਤਾ ਨੇ ਦੇਸ਼ ਦੀ ਮੌਜੂਦਾ ਸਥਿਤੀ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਮਜ਼ਦੂਰਾਂ, ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਲਈ ਬਹੁਤ ਘਾਤਕ ਸਿੱਧ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਮਹੂਰੀਅਤ ਨੂੰ ਖ਼ਤਮ ਕਰਕੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਲੰਮੇ ਸੰਘਰਸ਼ਾਂ ਬਾਅਦ ਹਾਸਲ ਕੀਤੀਆਂ ਮੰਗਾਂ ਨੂੰ ਛਿੱਕੇ ਟੰਗ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹਾ ਲਾਭ ਪਹੁੰਚਾਉਣ ਲਈ 4 ਲੇਬਰ ਕੋਡ ਲਾਗੂ ਕਰਕੇ ਮਜ਼ਦੂਰ ਜਮਾਤ ਦੀ ਲੁੱਟ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।।ਉਨ੍ਹਾਂ ਦੱਸਿਆ ਕਿ ਸੀਟੂ ਚਾਰੋਂ ਪ੍ਰਮੁੱਖ ਟਰੇਡ ਯੂਨੀਅਨਾਂ ਦੇ ਸਮਰਥਤ ਕਿਸਾਨ ਮੋਰਚੇ ਨਾਲ ਮਿਲ ਕੇ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ 1 ਦਸੰਬਰ 2026 ਨੂੰ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿਖੇ ਲੱਖਾਂ ਲੋਕਾਂ ਨੂੰ ਇੱਕਠਾ ਕਰਕੇ ਵਿਸ਼ਾਲ ਦਿੱਲੀ ਮਾਰਚ ਕੀਤਾ ਜਾਵੇਗਾ। ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਮਜ਼ਦੂਰ-ਕਿਸਾਨ ਵਿਰੋਧੀ ਨੀਤੀਆਂ ਨੂੰ ਵਾਪਸ ਨਹੀਂ ਲੈਂਦੇ।।ਸੀਟੂ ਦੇ ਸੂਬਾਈ ਜਨਰਲ ਸਕੱਤਰ ਮਹਾਂ ਸਿੰਘ ਰੌੜੀ ਨੇ ਸੰਘਰਸ਼ੀ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ 4 ਅਕਤੂਬਰ ਤੋਂ 20 ਅਕਤੂਬਰ ਤੱਕ ਜ਼ਿਲ੍ਹਾ ਹੈੱਡਕੁਆਰਟਰਾਂ‘ਤੇ ਮਾਸ ਮੀਟਿੰਗਾਂ ਅਤੇ ਵਿਸ਼ਾਲ ਕਨਵੈਨਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। 20 ਅਕਤੂਬਰ ਤੋਂ 31 ਅਕਤੂਬਰ ਨੂੰ ਸਾਰੇ ਤਹਿਸੀਲ ਕੇਂਦਰਾਂ, ਬਾਜ਼ਾਰਾਂ ਅਤੇ ਫੈਕਟਰੀਆਂ ਵਿਚ ਵੱਡੇ ਪੱਧਰ ਤੇ ਝੰਡਾ ਮਾਰਚ ਕੱਢੇ ਜਾਣਗੇ। 3 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਸਥਿਤ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦਫ਼ਤਰਾਂ, ਤਹਿਸੀਲਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਤੇ ਸਮਾਗਮ ਕੀਤੇ ਜਾਣਗੇ। 1 ਦਸੰਬਰ 2026 ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ।