- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਵੱਲੋਂ ਭਾਰਤ ਨਸ਼ਾ ਮੁਕਤੀ ਕੇਂਦਰ ਦੀ ਅਚਨਚੇਤ ਚੈਕਿੰਗ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਨਸ਼ਾ ਮੁਕਤੀ ਕੇਂਦਰਾਂ ਵਿਚ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਮੈਡੀਕਲ ਅਫ਼ਸਰ (ਮਨੋਰੋਗ) ਡਾ. ਸੰਦੀਪ ਬਾਂਗੜ ਵੀ ਮੌਜੂਦ ਸਨ। ਚੈਕਿੰਗ ਦੌਰਾਨ ਉਨ੍ਹਾਂ ਕੇਂਦਰ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ, ਸਫ਼ਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਸ਼ਾ ਮੁਕਤੀ ਇਲਾਜ ਦੌਰਾਨ ਮਰੀਜ਼ਾਂ ਦੀ ਸੁਰੱਖਿਆ, ਨਿਯਮਾਂ ਦੀ ਪਾਲਣਾ ਅਤੇ ਇਲਾਜ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮਹੱਤਤਾ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਮਿਆਰੀ ਇਲਾਜ, ਸਹੀ ਮਾਰਗ ਦਰਸ਼ਨ ਅਤੇ ਸਹਿਯੋਗੀ ਮਾਹੌਲ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਾ ਛੁਡਾਊ ਸੇਵਾਵਾਂ ਵਿਚ ਮਰੀਜ਼ਾਂ ਦੀ ਸੁਰੱਖਿਆ, ਇਲਾਜ ਦੀ ਗੁਣਵੱਤਾ ਅਤੇ ਸਿਹਤ ਵਿਭਾਗ ਦੇ ਨਿਰਧਾਰਤ ਮਾਪ ਦੰਡਾਂ ਦੀ ਪਾਲਣਾ ਨੂੰ ਪਹਿਲ ਦਿੱਤੀ ਜਾਵੇ।