- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਰੀਵਿਊ ਮੀਟਿੰਗ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਵਿਚ ਸਰਕਾਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਿਰਧਾਰਤ ਟੀਚੇ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾਵੇ। ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਹੋਣ ਨਾਲ ਗਰਭਵਤੀ ਔਰਤ ਦੀ ਲੋੜੀਂਦੀ ਜਾਂਚ, ਜੋਖਮ ਦੀ ਪਛਾਣ, ਸਮੇਂ ਸਿਰ ਇਲਾਜ ਅਤੇ ਨਿਯਮਤ ਫਾਲੋਅੱਪ ਯਕੀਨੀ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਗਰਭਵਤੀ ਔਰਤ ਨੂੰ ਗੁਣਵੱਤਾ ਭਰਪੂਰ ਐਂਟੀਨੇਟਲ ਕੇਅਰ, ਨਿਰਧਾਰਤ ਏਐੱਨਸੀ ਜਾਂਚਾਂ, ਪੋਸ਼ਣ ਸੰਬੰਧੀ ਸਲਾਹ, ਲੋੜੀਂਦੇ ਟੀਕੇ ਅਤੇ ਸੁਰੱਖਿਅਤ ਜਣੇਪੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਹਾਈ ਰਿਸਕ ਗਰਭਵਤੀ ਔਰਤਾਂ ਦੀ ਛੇਤੀ ਪਛਾਣ ਕਰਕੇ ਉਨ੍ਹਾਂ ਦੀ ਵਿਸ਼ੇਸ਼ ਨਿਗਰਾਨੀ ਅਤੇ ਲੋੜ ਅਨੁਸਾਰ ਸਮੇਂ ਸਿਰ ਰੈਫਰਲ ਯਕੀਨੀ ਬਣਾਉਣ 'ਤੇ ਵੀ ਉਨ੍ਹਾਂ ਨੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਅਤੇ ਨਵਜਨਮੇ ਬੱਚੇ ਦੀ ਸਿਹਤ ਦੀ ਸੁਰੱਖਿਆ ਲਈ ਗੁਣਵੱਤਾ ਭਰਪੂਰ ਜੱਚਾ-ਬੱਚਾ ਸਿਹਤ ਸੇਵਾਵਾਂ ਬਹੁਤ ਮਹੱਤਵ ਪੂਰਨ ਹਨ। ਉਨ੍ਹਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਗਰਭਵਤੀ ਔਰਤਾਂ ਦੀ ਲਗਾਤਾਰ ਨਿਗਰਾਨੀ, ਸਮੇਂ ਸਿਰ ਜਾਂਚ ਅਤੇ ਫਾਲੋਅੱਪ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਸੰਭਾਵਿਤ ਸਿਹਤ ਜਟਿਲਤਾਵਾਂ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਪਛਾਣਿਆ ਜਾ ਸਕੇ। ਮੀਟਿੰਗ ਦੌਰਾਨ ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ, ਪਰਿਵਾਰ ਨਿਯੋਜਨ ਸੇਵਾਵਾਂ, ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਦੀ ਵੰਡ ਅਤੇ ਵੈਕਟਰ-ਬੌਰਨ ਤੇ ਵਾਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।
ਉਨ੍ਹਾਂ ਜ਼ਰੂਰੀ ਦਵਾਈਆਂ ਦੀ ਨਿਰੰਤਰ ਉਪਲੱਬਧਤਾ ਯਕੀਨੀ ਬਣਾਉਣ ਲਈ ਕਿਹਾ ਤੇ ਸਪੱਸ਼ਟ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋੜੀਂਦੀਆਂ ਦਵਾਈਆਂ ਉਪਲੱਬਧ ਹੋਣ ਅਤੇ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਾ ਪਵੇ। ਉਨ੍ਹਾਂ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ, ਡਾ. ਨੀਨਾ ਸ਼ਾਂਤ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ, ਡਾ. ਪਿਆਰੇ ਲਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਰਾਜ ਕੁਮਾਰੀ, ਸ਼ਿਆਮਾਵੇਦਾ, ਸੁਪਰਡੈਂਟ ਗੁਲਸ਼ਨ ਕੁਮਾਰ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।