ਸਿਵਲ ਸਰਜਨ ਨੇ ਨਸ਼ਾ ਮੁਕਤੀ ਕੇਂਦਰ 'ਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਸਿਵਲ ਸਰਜਨ ਵੱਲੋਂ ਨਸ਼ਾ ਮੁਕਤੀ ਕੇਂਦਰ 'ਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
Publish Date: Tue, 10 Nov 2026 05:23 PM (IST)
Updated Date: Tue, 10 Nov 2026 05:24 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਿਹਤ ਅਧਿਕਾਰੀਆਂ ਅਤੇ ਸਮੁੱਚੇ ਸਟਾਫ ਨੂੰ ਮਿਆਰੀ, ਸੁਰੱਖਿਅਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕੇਂਦਰ ਵਿਖੇ ਇਲਾਜ ਅਧੀਨ ਨਸ਼ਾ ਰੋਗੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਇਰਾਦੇ, ਨਿਯਮਤ ਇਲਾਜ ਅਤੇ ਪਰਿਵਾਰ ਦੇ ਸਹਿਯੋਗ ਨਾਲ ਨਸ਼ੇ ਤੋਂ ਛੁਟਕਾਰਾ ਪਾ ਕੇ ਸਿਹਤਮੰਦ ਜੀਵਨ ਵੱਲ ਪਰਤਿਆ ਜਾ ਸਕਦਾ ਹੈ। ਉਨ੍ਹਾਂ ਮਰੀਜ਼ਾਂ ਨੂੰ ਇਲਾਜ ਪੂਰਾ ਕਰਨ ਅਤੇ ਕਾਊਂਸਲਿੰਗ ਸੈਸ਼ਨਾਂ ਵਿਚ ਨਿਯਮਤ ਹਿੱਸਾ ਲੈਣ ਲਈ ਵੀ ਕਿਹਾ। ਉਨ੍ਹਾਂ।ਕੇਂਦਰ ਦੇ ਸਫ਼ਾਈ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਵਾਰਡਾਂ, ਪਖਾਨਿਆਂ ਅਤੇ ਕੇਂਦਰ ਦੇ ਆਲੇ-ਦੁਆਲੇ ਦੀ ਸਫ਼ਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਨੂੰ ਹਰ ਸਮੇਂ ਬਿਹਤਰ ਬਣਾਈ ਰੱਖਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮਿਲ ਸਕੇ ਅਤੇ ਇੰਫੈਕਸ਼ਨ ਦਾ ਖ਼ਤਰਾ ਨਾ ਰਹੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਇੱਕ ਇਲਾਜਯੋਗ ਸਿਹਤ ਸਮੱਸਿਆ ਹੈ ਅਤੇ ਨਸ਼ਾ ਰੋਗੀਆਂ ਨੂੰ ਇਸ ਨਿਰਭਰਤਾ ਤੋਂ ਬਾਹਰ ਕੱਢਣ ਲਈ ਦਵਾਈ ਦੇ ਨਾਲ-ਨਾਲ ਮਨੋਵਿਗਿਆਨਕ ਕਾਊਂਸਲਿੰਗ, ਪਰਿਵਾਰਕ ਸਹਿਯੋਗ ਅਤੇ ਨਿਯਮਤ ਫਾਲੋਅੱਪ ਵੀ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਮਰੀਜ਼ ਨਾਲ ਹਮਦਰਦੀ, ਸਨਮਾਨ ਅਤੇ ਗੁਪਤਤਾ ਨਾਲ ਪੇਸ਼ ਆਉਂਦਿਆਂ ਉਸ ਦੀ ਸਿਹਤ ਸਥਿਤੀ ਅਨੁਸਾਰ ਇਲਾਜ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਨਸ਼ਾ ਰੋਗੀਆਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐੱਸਓਪੀ) ਅਤੇ ਇਲਾਜ ਪ੍ਰੋਟੋਕੋਲ ਦੀ ਸੁਹਿਰਦਤਾ ਨਾਲ ਪਾਲਣਾ ਕੀਤੀ ਜਾਵੇ। ਮਰੀਜ਼ਾਂ ਨੂੰ ਨਿਰਧਾਰਿਤ ਪ੍ਰੋਟੋਕੋਲ ਅਨੁਸਾਰ ਹੀ ਦਵਾਈ ਦਿੱਤੀ ਜਾਵੇ ਅਤੇ ਦਵਾਈ ਦੀ ਖੁਰਾਕ ਵਿਚ ਕੋਈ ਵੀ ਤਬਦੀਲੀ ਮਾਹਰ ਡਾਕਟਰ ਦੀ ਸਲਾਹ ਅਤੇ ਮਰੀਜ਼ ਦੀ ਸਿਹਤ ਦੇ ਮੁਲਾਂਕਣ ਤੋਂ ਬਾਅਦ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਲਾਜ ਦਾ ਮੁੱਖ ਉਦੇਸ਼ ਮਰੀਜ਼ ਨੂੰ ਨਸ਼ੇ ਦੀ ਨਿਰਭਰਤਾ ਤੋਂ ਬਾਹਰ ਕੱਢ ਕੇ ਸਿਹਤਮੰਦ ਅਤੇ ਸਨਮਾਨ ਜਨਕ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਲਈ ਮਰੀਜ਼ਾਂ ਦੀ ਇਲਾਜ ਪ੍ਰਤੀ ਪਾਲਣਾ, ਮਾਨਸਿਕ ਸਿਹਤ ਅਤੇ ਸਮਾਜਿਕ ਸਥਿਤੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।।ਉਨ੍ਹਾਂ ਕਿਹਾ ਕਿ ਹਰੇਕ ਮਰੀਜ਼ ਦਾ ਇਲਾਜ ਸੰਬੰਧੀ ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਿਆ ਜਾਵੇ ਅਤੇ ਇਲਾਜ ਦੌਰਾਨ ਤੇ ਬਾਅਦ ਵਿਚ ਨਿਯਮਤ ਫਾਲੋਅੱਪ ਕੀਤਾ ਜਾਵੇ, ਤਾਂ ਜੋ ਮੁੜ ਨਸ਼ੇ ਵੱਲ ਪਰਤਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਤਿਰਸਕਾਰ ਦੀ ਬਜਾਏ ਹਮਦਰਦੀ, ਸਹਿਯੋਗ ਅਤੇ ਇਲਾਜ ਦੀ ਲੋੜ ਹੁੰਦੀ ਹੈ ਤੇ ਅਜਿਹੇ ਵਿਅਕਤੀਆਂ ਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਜਾਂ ਨਸ਼ਾ ਮੁਕਤੀ ਕੇਂਦਰ ਵਿਚ ਲਿਜਾ ਕੇ ਯੋਗ ਡਾਕਟਰੀ ਸਹਾਇਤਾ ਦਿਵਾਈ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮੈਡੀਕਲ ਅਫਸਰ ਡਾ. ਰਮਨਦੀਪ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।