ਸਿਵਲ ਸਰਜਨ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਸਿਵਲ ਸਰਜਨ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
Publish Date: Thu, 08 Oct 2026 06:48 PM (IST)
Updated Date: Thu, 08 Oct 2026 06:50 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਅਮਨ ਸੂਦ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਇਕ ਨਿੱਜੀ ਹਸਪਤਾਲ ਦਾ ਨਿਰੀਖਣ ਕੀਤਾ। ਉਨ੍ਹਾਂ ਪਾਹਵਾ ਹਸਪਤਾਲ ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ, ਮਰੀਜ਼ਾਂ ਦੀ ਸਹੂਲਤ ਅਤੇ ਯੋਜਨਾ ਨਾਲ ਸੰਬੰਧਤ ਰਿਕਾਰਡ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਸਬੰਧੀ ਫੀਡਬੈਕ ਵੀ ਲਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਲਈ ਸਿਹਤ ਵਿਭਾਗ ਵੱਲੋਂ ਨਿਯਮਿਤ ਤੌਰ ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਯੋਜਨਾ ਤਹਿਤ ਆਉਣ ਵਾਲੇ ਮਰੀਜ਼ਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਅਤੇ ਗੁਣਵੱਤਾ ਭਰਪੂਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਯੋਗ ਲਾਭਪਾਤਰੀ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਪਾਰਦਰਸ਼ੀ ਅਤੇ ਗੁਣਵੱਤਾ ਭਰਪੂਰ ਇਲਾਜ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪਾਹਵਾ ਹਸਪਤਾਲ ਦੇ ਡਾਇਰੈਕਟਰ ਡਾ. ਕੰਵਲਜੀਤ ਸਿੰਘ ਪਾਹਵਾ ਨੇ ਕਿਹਾ ਕਿ ਹਸਪਤਾਲ ਵਿਚ ਮਰੀਜ਼ਾਂ ਦੀ ਸਹੂਲਤ ਅਤੇ ਸੰਤੁਸ਼ਟੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਂਦੀ ਹੈ ਅਤੇ ਯੋਜਨਾ ਤਹਿਤ ਉਪਲੱਬਧ ਸਿਹਤ ਸੇਵਾਵਾਂ ਦਾ ਲਾਭ ਯੋਗ ਮਰੀਜ਼ਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।।ਉਨ੍ਹਾਂ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਨਿਗਰਾਨੀ ਅਤੇ ਸਮੀਖਿਆ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਹੋਰ ਬਿਹਤਰ ਬਣਾਉਣ ਲਈ ਮਹੱਤਵ ਪੂਰਨ ਦੱਸਦਿਆਂ ਸਿਵਲ ਸਰਜਨ ਡਾ. ਅਮਨ ਸੂਦ ਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਪ੍ਰਬੰਧਨ ਵੱਲੋਂ ਯੋਜਨਾ ਦੇ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਡਾ. ਹਰਿਤੇਸ਼ ਪਾਹਵਾ ਤੇ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।