ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ’ਚ ਸਿਹਤ ਸੇਵਾਵਾਂ ਦੀ ਸਮੀਖਿਆ ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ 'ਚ ਸਿਹਤ ਸੇਵਾਵਾਂ ਦੀ ਸਮੀਖਿਆ
Publish Date: Tue, 06 Oct 2026 04:25 PM (IST)
Updated Date: Tue, 06 Oct 2026 04:26 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਆਮ ਲੋਕਾਂ ਨੂੰ ਸਮੇਂ ਸਿਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਅਮਨ ਸੂਦ ਨੇ ਸਿਵਲ ਸਰਜਨ ਦਫ਼ਤਰ ਵਿਖੇ ਵਿਭਾਗੀ ਕੰਮਕਾਜ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਆਮ ਆਦਮੀ ਕਲੀਨਿਕ ਨਵਾਂਸ਼ਹਿਰ ਦਾ ਦੌਰਾ ਕਰ ਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ, ਦਵਾਈਆਂ ਦੀ ਉਪਲੱਬਧਤਾ ਅਤੇ ਲੈਬ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਲੀਨਿਕ ਵਿਚ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਮਰੀਜ਼-ਮਿੱਤਰ ਮਾਹੌਲ ਵਿਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁੱਢਲਾ ਇਲਾਜ, ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਉਪਲੱਬਧ ਲੈਬ ਟੈਸਟਾਂ ਦੀ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਟਾਫ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ, ਨਿਸ਼ਠਾ, ਜ਼ਿੰਮੇਵਾਰੀ ਅਤੇ ਸੇਵਾ-ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਹਰੇਕ ਵਿਅਕਤੀ ਨਾਲ ਸਨਮਾਨ ਜਨਕ ਅਤੇ ਸੰਵੇਦਨਸ਼ੀਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੰਤਰ ਜਾਇਜ਼ਾ ਲੈ ਕੇ ਲੋੜ ਅਨੁਸਾਰ ਸੁਧਾਰ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਿਹਤ ਸਮੱਸਿਆ ਦੀ ਸੂਰਤ ਵਿਚ ਸਮੇਂ ਸਿਰ ਨੇੜਲੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਅਤੇ ਉਪਲਬਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।