ਸਿਵਲ ਸਰਜਨ ਨੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਸਿਵਲ ਸਰਜਨ ਨੇ ਸੀਐੱਚਸੀ ਰਾਹੋਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
Publish Date: Wed, 28 Oct 2026 04:03 PM (IST)
Updated Date: Wed, 28 Oct 2026 04:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਸਿਵਲ ਸਰਜਨ ਡਾ. ਅਮਨ ਸੂਦ ਨੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ), ਰਾਹੋਂ ਦਾ ਅਚਨਚੇਤ ਦੌਰਾ ਕਰਕੇ ਉੱਥੇ ਮੁੜ ਸ਼ੁਰੂ ਕੀਤੀਆਂ ਗਈਆਂ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇੱਥੇ ਵਰਨਣਯੋਗ ਹੈ ਕਿ ਸੀਐੱਚਸੀ, ਰਾਹੋਂ ਵਿਖੇ ਲੰਬੇ ਸਮੇਂ ਤੋਂ ਬੰਦ ਪਈਆਂ ਐਮਰਜੈਂਸੀ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਰਾਹੋਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਐਮਰਜੈਂਸੀ ਦੀ ਸਥਿਤੀ ਵਿਚ ਮਰੀਜ਼ਾਂ ਨੂੰ ਆਪਣੇ ਨੇੜਲੇ ਸਿਹਤ ਕੇਂਦਰ ਵਿਖੇ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿਚ ਮੱਦਦ ਮਿਲੇਗੀ। ਇਸ ਮੌਕੇ ਡਾ. ਅਮਨ ਸੂਦ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਮੇਂ ਸਿਰ, ਸੁਚਾਰੂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਦੀ ਉਪਲੱਬਧਤਾ ਬੇਹੱਦ ਮਹੱਤਵ ਪੂਰਨ ਹੈ, ਕਿਉਂਕਿ ਅਜਿਹੇ ਸਮੇਂ ਵਿਚ ਤੁਰੰਤ ਡਾਕਟਰੀ ਸਹਾਇਤਾ ਮਰੀਜ਼ ਦੀ ਜਾਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਆਪਣੇ ਨੇੜੇ ਮਿਲਣਗੀਆਂ ਅਤੇ ਐਮਰਜੈਂਸੀ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਸਿਹਤ ਸੰਸਥਾਵਾਂ ਵਿਚ ਸੇਵਾਵਾਂ ਦੀ ਨਿਰੰਤਰਤਾ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਵਿਭਾਗ ਦੀ ਤਰਜੀਹ ਹੈ। ਦੌਰੇ ਦੌਰਾਨ ਸਿਵਲ ਸਰਜਨ ਨੇ ਸਿਹਤ ਸੰਸਥਾ ਦੇ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਬਿਨਾਂ ਬੇਲੋੜੀ ਦੇਰੀ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ, ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਐੱਚਸੀ ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।