- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਨੇ ਪੀਐੱਚਸੀ ਸੁੱਜੋਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਢਲਾ ਸਿਹਤ ਕੇਂਦਰ (ਪੀਐੱਚਸੀ), ਸੁੱਜੋਂ ਅਤੇ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੀਐੱਚਸੀ ਸੁੱਜੋਂ ਵਿਖੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਪਰੰਤ ਉਨ੍ਹਾਂ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਚਾਲੂ ਹੋਣ ਨਾਲ ਪਿੰਡ ਭੌਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਆਪਣਾ ਘਰ ਪੰਜਾਬ ਸਰਕਾਰ ਨੂੰ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਦਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਪਿੰਡ ਭੌਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ ਹੰਸ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।