ਮਿਸ਼ਨ ਕਲੀਨ ਪੰਜਾਬ ਤਹਿਤ ਮੁਹੱਲੇ ’ਚ ਕੀਤੀ ਸਫ਼ਾਈ : ਜਸਪ੍ਰੀਤ ਸਿੰਘ ਰੋਬੀ ਕੰਗ ਮਿਸ਼ਨ ਕਲੀਨ ਪੰਜਾਬ ਤਹਿਤ ਵਾਲਮੀਕਿ ਮੁਹੱਲੇ 'ਚ ਕੀਤੀ ਸਫਾਈ-ਜਸਪ੍ਰੀਤ ਸਿੰਘ ਰੋਬੀ ਕੰਗ
Publish Date: Sun, 30 Aug 2026 03:59 PM (IST)
Updated Date: Sun, 30 Aug 2026 04:01 PM (IST)
- ਵਿਸ਼ੇਸ਼ ਸਫ਼ਾਈ ਮੁਹਿੰਮ ਅਧੀਨ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਮਿਸ਼ਨ ਕਲੀਨ ਪੰਜਾਬ ਤਹਿਤ ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਦੀ ਅਗਵਾਈ ਵਿਚ ਨਵਾਂਸ਼ਹਿਰ ਦੇ ਵਾਲਮੀਕਿ ਮੁਹੱਲਾ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਇਸ ਦੌਰਾਨ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਗਲੀਆਂ, ਨਾਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਕੂੜਾ-ਕਰਕਟ ਚੁੱਕਿਆ ਗਿਆ। ਹਲਕਾ ਇੰਚਾਰਜ ਰੋਬੀ ਕੰਗ ਨੇ ਖੁਦ ਮੌਕੇ ‘ਤੇ ਮੌਜੂਦ ਰਹਿ ਕੇ ਸਫ਼ਾਈ ਕੰਮ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਰੌਬੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਮਿਸ਼ਨ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਸਫਾਈ ਮੁਹਿੰਮ ਜੋ ਸੂਬੇ ਭਰ ਵਿਚ 29 ਅਗਸਤ ਤੋਂ ਸ਼ੁਰੂ ਹੋਈ ਹੈ। ਇਹ ਮੁਹਿੰਮ 10 ਦਿਨ ਤੱਕ 7 ਸਤੰਬਰ ਤੱਕ ਲਗਾਤਾਰ ਚੱਲੇਗੀ ਅਤੇ ਇਸ ਦੌਰਾਨ ਸ਼ਹਿਰ ਦੇ ਸਾਰੇ ਵਾਰਡਾਂ, ਮੁਹੱਲਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਪੰਜਾਬ ਨੂੰ ਸਾਫ਼- ਸੁਥਰਾ ਤੇ ਸੁੰਦਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਨੂੰ ਕੂੜਾ-ਮੁਕਤ, ਗੰਦਗੀ-ਮੁਕਤ ਬਣਾਉਣਾ, ਸੀਵਰੇਜ ਅਤੇ ਨਾਲੀਆਂ ਦੀ ਸਹੀ ਨਿਕਾਸੀ ਨੂੰ ਯਕੀਨੀ ਬਣਾਉਣਾ, ਮੱਛਰਾਂ ਅਤੇ ਬਿਮਾਰੀਆਂ ਦੀ ਰੋਕਥਾਮ ਕਰਨਾ ਅਤੇ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਪੰਜਾਬ ਨੂੰ ਹਰਿਆ-ਭਰਿਆ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਇੱਧਰ-ਉੱਧਰ ਨਾ ਸੁੱਟਣ, ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ। ਇਸ ਮੌਕੇ ਤੇ ਕੌਂਸਲਰ ਬਲਵਿੰਦਰ ਕੁਮਾਰ, ਕਾਰਜ ਸਾਧਕ ਅਫਸਰ ਨਵਾਂਸ਼ਹਿਰ ਮਨੀਸ਼ ਕੁਮਾਰ, ਸੂਰਜ ਖੋਸਲਾ, ਵਿੱਕੀ ਗਿੱਲ ਸਮੇਤ ਅਤੇ ਨਗਰ ਕੌਂਸਲ ਮੁਲਾਜ਼ਮ ਵੀ ਹਾਜ਼ਰ ਸਨ।