ਫੈਕਟਰੀਆਂ ਬੰਦ ਹੋਣਾ ਬਲਾਚੌਰ ਦੀ ਆਰਥਿਕਤਾ ਨੂੰ ਵੱਡਾ ਝਟਕਾ : ਰਵਿੰਦਰ ਰਾਣਾ ਫੈਕਟਰੀਆਂ ਬੰਦ ਹੋਣ ਨਾਲ ਬਲਾਚੌਰ ਦੀ ਆਰਥਿਕਤਾ ਨੂੰ ਵੱਡਾ ਝਟਕਾ ਲੱਗਿਆ-ਰਵਿੰਦਰ ਸਿੰਘ ਰਾਣਾ
Publish Date: Tue, 03 Nov 2026 06:35 PM (IST)
Updated Date: Tue, 03 Nov 2026 06:38 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਡੀਸੀਐੱਮ ਕਰਮਚਾਰੀ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਰਾਣਾ ਨੇ ਬਲਾਚੌਰ ਸਬ-ਡਿਵੀਜ਼ਨ ਵਿਚ ਬੰਦ ਹੋ ਚੁੱਕੀਆਂ ਫੈਕਟਰੀਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਿਸੇ ਸਮੇਂ ਬਲਾਚੌਰ ਇਲਾਕੇ ਵਿਚ ਕਈ ਉਦਯੋਗਿਕ ਇਕਾਈਆਂ ਚੱਲ ਰਹੀਆਂ ਸਨ, ਜਿਨ੍ਹਾਂ ਨਾਲ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਸੀ, ਪਰ ਸਮੇਂ ਦੇ ਨਾਲ ਇਨ੍ਹਾਂ ਫੈਕਟਰੀਆਂ ਦੇ ਬੰਦ ਹੋਣ ਕਾਰਨ ਇਲਾਕੇ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਰਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਡੀਸੀਐੱਮ ਫੈਕਟਰੀ ਵਿਚ ਲਗਭਗ 705 ਪਰਿਵਾਰਾਂ ਦੇ ਮੈਂਬਰ ਕੰਮ ਕਰਦੇ ਸਨ ਅਤੇ ਇਸ ਫੈਕਟਰੀ ਨਾਲ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ ਪੰਜ ਹਜ਼ਾਰ ਲੋਕਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਸੀ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਾਅਦ ਫੈਕਟਰੀ ਬੰਦ ਹੋਣ ਨਾਲ ਇਨ੍ਹਾਂ ਪਰਿਵਾਰਾਂ ਦੇ ਸਾਹਮਣੇ ਰੁਜ਼ਗਾਰ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਡੀਸੀਐੱਮ ਫੈਕਟਰੀ ਹੀ ਨਹੀਂ, ਸਗੋਂ ਇਲਾਕੇ ਵਿਚ ਖਾਦ ਫੈਕਟਰੀ, ਧਾਗਾ ਫੈਕਟਰੀ ਅਤੇ ਹੋਰ ਕਈ ਉਦਯੋਗਿਕ ਇਕਾਈਆਂ ਵੀ ਬੰਦ ਹੋ ਚੁੱਕੀਆਂ ਹਨ। ਇਨ੍ਹਾਂ ਫੈਕਟਰੀਆਂ ਵਿਚ ਬਲਾਚੌਰ ਸਬ-ਡਵੀਜ਼ਨ ਅਤੇ ਆਸ-ਪਾਸ ਦੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਲੋਕ ਰੁਜ਼ਗਾਰ ਪ੍ਰਾਪਤ ਕਰਦੇ ਸਨ। ਫੈਕਟਰੀਆਂ ਬੰਦ ਹੋਣ ਨਾਲ ਮਜ਼ਦੂਰਾਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਜਿੱਥੇ ਫੈਕਟਰੀਆਂ ਚੱਲਦੀਆਂ ਹਨ, ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਦਾ ਹੈ, ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਕਾਰੋਬਾਰ ਵਧਦਾ ਹੈ ਅਤੇ ਸਮੁੱਚੇ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ। ਪਰ ਬਲਾਚੌਰ ਇਲਾਕੇ ਵਿੱਚ ਇੱਕ ਤੋਂ ਬਾਅਦ ਇੱਕ ਫੈਕਟਰੀ ਬੰਦ ਹੋਣ ਨਾਲ ਰੁਜ਼ਗਾਰ ਦੇ ਮੌਕੇ ਘਟੇ ਹਨ ਅਤੇ ਸਥਾਨਕ ਕਾਰੋਬਾਰ ਉੱਤੇ ਵੀ ਇਸ ਦਾ ਮਾੜਾ ਅਸਰ ਪਿਆ ਹੈ। ਰਵਿੰਦਰ ਸਿੰਘ ਰਾਣਾ ਨੇ ਮੰਗ ਕੀਤੀ ਕਿ ਸਰਕਾਰ ਅਤੇ ਸਬੰਧਤ ਵਿਭਾਗ ਇਸ ਗੰਭੀਰ ਮਸਲੇ ਵੱਲ ਧਿਆਨ ਦੇਣ ਅਤੇ ਬਲਾਚੌਰ ਸਬ-ਡਵੀਜ਼ਨ ਵਿਚ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰਨ, ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਰੁਜ਼ਗਾਰ ਮਿਲ ਸਕੇ ਅਤੇ ਬੰਦ ਹੋਈਆਂ ਫੈਕਟਰੀਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ।