ਬੰਗਾ ਵਿਖੇ ‘ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ’ ਕਰਵਾਇਆ ਬੰਗਾ ਵਿਖੇ 'ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ' ਕਰਵਾਇਆ
Publish Date: Sun, 18 Oct 2026 03:45 PM (IST)
Updated Date: Sun, 18 Oct 2026 03:48 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਿਹਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਪ੍ਰੋ. ਗੁਰਸ਼ਾਨ ਸਿੰਘ ਮੁਖੀ ਕਮਰਸ ਵਿਭਾਗ ਦੀ ਦੇਖ-ਰੇਖ ਅਧੀਨ ‘ਕਮੋਡਿਟੀ ਮਾਰਕੀਟ ਅਵੇਅਰਨੈੱਸ ਸੈਸ਼ਨ’ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਬਾਜ਼ਾਰ, ਨਿਵੇਸ਼ ਦੇ ਵੱਖ-ਵੱਖ ਤਰੀਕਿਆਂ ਅਤੇ ਨਿਵੇਸ਼ਕਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਬਣਾਏ ਗਏ ਨਿਯਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਅਨੀਤਾ ਸੈਣੀ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ, ਜੋ ਸਿਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਟ੍ਰੇਨਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਅਤੇ ਕਮੋਡਿਟੀ ਮਾਰਕੀਟ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਵਿੱਤੀ ਬਾਜ਼ਾਰਾਂ ਵਿਚ ਨਿਵੇਸ਼ ਕਰਨ ਤੋਂ ਪਹਿਲਾਂ ਇਸ ਨਾਲ ਜੁੜੇ ਨਿਯਮਾਂ, ਜੋਖਮਾਂ ਅਤੇ ਸੰਭਾਵਨਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮੈਡਮ ਅਨੀਤਾ ਸੈਣੀ ਨੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਕਿ ਛੋਟੀ ਰਕਮ ਨਾਲ ਵੀ ਨਿਵੇਸ਼ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ, ਪਰ ਨਿਵੇਸ਼ ਕਰਦੇ ਸਮੇਂ ਸਹੀ ਜਾਣਕਾਰੀ, ਸਾਵਧਾਨੀ ਅਤੇ ਯੋਜਨਾਬੰਦੀ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਲਈ ਜਾਰੀ ਕੀਤੇ ਗਏ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿੱਤੀ ਧੋਖਾਧੜੀ ਤੋਂ ਬਚਣ, ਭਰੋਸੇਯੋਗ ਸਰੋਤਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਅਤੇ ਨਿਵੇਸ਼ ਕਰਨ ਤੋਂ ਪਹਿਲਾਂ ਸੰਭਾਵਿਤ ਜੋਖਮਾਂ ਨੂੰ ਸਮਝਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋਫੈਸਰ ਗੁਰਸ਼ਾਨ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਸੂਝ-ਬੂਝ ਨਾਲ ਵਿੱਤੀ ਫ਼ੈਸਲੇ ਲੈਣ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰੋ. ਰਵਿੰਦਰ ਕੌਰ, ਪ੍ਰੋ. ਪ੍ਰਭਦੀਪ ਕੌਰ, ਡਾ. ਗੁਲਬਹਾਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।