
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੜਤਾਲੀ ਮੁਲਾਜ਼ਮਾਂ ਪ੍ਰਤੀ ਟਕਰਾਅ ਵਾਲਾ ਰਵੱਈਆ ਨਿੰਦਣਯੋਗ-ਥਿਆੜਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੀ ਸਪੋਕਸਪਰਸਨ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਰੁਕੇ ਡੀਏ ਦੀ ਅਦਾਇਗੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਮਾਨ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਕਰਾਅ ਵਾਲੇ ਰਵੱਈਏ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਤਾਨਾਸ਼ਾਹੀ ਰਵੱਈਏ ਅਤੇ ਮਨਮਾਨੀਆਂ ਸ਼ਰਤਾਂ ਨੂੰ ਦੇਖ ਕੇ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਪ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇਹੇ ਕਾਰਨ ਹੈ ਕਿ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹੁਣ ਅਫਸਰਸ਼ਾਹ ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਅਤੇ ਮੁਲਾਜ਼ਮਾਂ ਦਾ ਨਹੁੰ ਅਤੇ ਮਾਸ ਵਾਲਾ ਰਿਸ਼ਤਾ ਹੈ। ਜੇਕਰ ਇਹ ਦੋਵੇਂ ਇਕਜੁੱਟ ਹੋ ਜਾਣ ਤਾਂ ਇਹ ਕਿਸੇ ਵੀ ਸਰਕਾਰ ਦਾ ਖਾਤਮਾ ਕਰ ਸਕਦੇ ਹਨ। ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਕਿਹਾ ਕਿ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕਰਨਾ ਮੁਲਾਜ਼ਮਾਂ ਦਾ ਸੰਵੈਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਇੱਕੋ ਜਿਹਾ ਮਾਮਲਾ ਹੋਵੇਗਾ ਕਿ ਇੱਕ ਪੰਜਾਬ ਸਰਕਾਰ ਨੇ ਨਾ ਸਿਰਫ਼ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀ ਅਦਾਇਗੀ ਨਹੀਂ ਕੀਤੀ, ਬਲਕਿ ਹੁਣ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਖ਼ਿਲਾਫ਼ ਅਫਸਰਸ਼ਾਹੀ ਤੇ ਦਬਾਅ ਬਣਾ ਕੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਸ ਲਈ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਤਾਂ ਜੋ ਮੁਲਾਜ਼ਮਾਂ ਵਿਚ ਸਰਕਾਰ ਖ਼ਿਲਾਫ਼ ਵੱਧ ਰਿਹਾ ਰੋਸ ਸਰਕਾਰ ਦੇ ਪਤਨ ਦਾ ਕਾਰਨ ਨਾ ਬਣ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਕਿਉਂਕਿ ਲੋਕਾਂ ਅਤੇ ਮੁਲਾਜ਼ਮ ਦੀ ਇਕਜੁੱਟਤਾ 2027 ’ਚ ਆਪ ਸਰਕਾਰ ਨੂੰ ਸੱਤਾ ਤੋਂ ਚਲਦਾ ਕਰਨ ’ਚ ਮੀਲ ਪੱਥਰ ਸਾਬਤ ਹੋਵੇਗੀ।