- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਗਾ ਹਲਕੇ 'ਚ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਦੀਆਂ ਕਾਂਗਰਸੀ ਗਤੀਵਿਧੀਆਂ ਤੇਜ਼

ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਬੰਗਾ ਵਿਧਾਨ ਸਭਾ ਹਲਕੇ ਵਿਚ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਆਈਪੀਐੱਸ ਵੱਲੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਬੰਗਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸੇ ਤਹਿਤ ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਇਸੇ ਲੜੀ ਤਹਿਤ ਸੁਦੇਸ਼ ਕੁਮਾਰ ਨੇ ਬੰਗਾ ਹਲਕੇ ਦੇ ਪਿੰਡ ਚੱਕ ਮੰਡੇਰ ਵਿਖੇ ਨੁੱਕੜ ਮੀਟਿੰਗ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਵਰਕਰਾਂ ਅਤੇ ਹਾਜ਼ਰ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੁਦੇਸ਼ ਕੁਮਾਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਬੰਗਾ ਹਲਕੇ ਵਿਚ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਜਦੋਂ ਵੀ ਕਿਸੇ ਤਰ੍ਹਾਂ ਦੀ ਲੋੜ ਹੋਵੇਗੀ, ਉਹ ਹਰ ਸੰਭਵ ਸਹਿਯੋਗ ਲਈ 24 ਘੰਟੇ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਬੰਗਾ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਚੱਲਿਆ ਜਾਵੇਗਾ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਲਗਾਤਾਰ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਅਤੇ ਲੋਕਾਂ ਤੱਕ ਪਹੁੰਚ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਇਸ ਮੌਕੇ ਬੰਗਾ ਹਲਕੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸੁਦੇਸ਼ ਕੁਮਾਰ ਵਰਗੇ ਪੜ੍ਹੇ-ਲਿਖੇ ਅਤੇ ਤਜ਼ਰਬੇਕਾਰ ਸਾਬਕਾ ਸੀਨੀਅਰ ਅਧਿਕਾਰੀ ਨੂੰ ਬੰਗਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਲਈ ਜ਼ਿੰਮੇਵਾਰੀ ਦੇਣਾ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਬੰਗਾ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਸੁਦੇਸ਼ ਕੁਮਾਰ ਨਾਲ ਪੂਰਾ ਤਾਲਮੇਲ ਬਣਾ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਅੱਗੇ ਵਧਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਸਦੇਸ਼ ਕੁਮਾਰ ਨੂੰ ਬੰਗਾ ਹਲਕੇ ਦੀ ਜ਼ਿੰਮੇਵਾਰੀ ਦੇਣ ਦਾ ਸਵਾਗਤ ਕੀਤਾ। ਇਸ ਮੌਕੇ ਬਲਾਕ ਬੰਗਾ ਕਾਂਗਰਸ ਦੇ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦਰਬਜੀਤ ਸਿੰਘ ਪੂਨੀਆ, ਗਿਆਨ ਚੰਦ ਨੰਬਰਦਾਰ, ਸਾਬਕਾ ਬਲਾਕ ਸੰਮਤੀ ਮੈਂਬਰ ਵਿਜੇ ਕੁਮਾਰ, ਸੁੱਚਾ ਸਿੰਘ, ਰਾਮ ਸਰੋਏ, ਲਕਸ਼ਮਣ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।