ਸਚਿਨ ਪਾਇਲਟ ਦੇ ਸੂਬਾ ਇੰਚਾਰਜ ਲੱਗਣ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ : ਅਜੇ ਮੰਗੂਪੁਰ ਸਚਿਨ ਪਾਇਲਟ ਦੇ ਸੂਬਾ ਇੰਚਾਰਜ ਲੱਗਣ ਨਾਲ ਕਾਂਗਰਸ ਪਾਰਟੀ ਹੋਵੇਗੀ ਮਜ਼ਬੂਤ-ਅਜੇ ਮੰਗੂਪੁਰ
Publish Date: Tue, 08 Sep 2026 03:44 PM (IST)
Updated Date: Tue, 08 Sep 2026 03:46 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਬਣਾਉਣ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਪਹਿਲੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਸਮਝਦਾਰ ਅਤੇ ਦੂਰਦਰਸ਼ੀ ਆਗੂ ਸਨ। ਉਨ੍ਹਾਂ ਦੀ ਜਗ੍ਹਾ ’ਤੇ ਸਚਿਨ ਪਾਇਲਟ ਨੂੰ ਕਾਂਗਰਸ ਪਾਰਟੀ ਦਾ ਸੂਬਾ ਇੰਚਾਰਜ ਲਗਾਉਣਾ ਪਾਰਟੀ ਦੀ ਲੀਡਰਸ਼ਿਪ ਦੀ ਦੂਰਅੰਦੇਸ਼ੀ ਨੂੰ ਦਰਸਾਉਂਦਾ ਹੈ। ਸਚਿਨ ਪਾਇਲਟ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਸੂਝਵਾਨ, ਤਜ਼ਰਬੇਕਾਰ ਅਤੇ ਦੂਰਅੰਦੇਸ਼ੀ ਸੋਚ ਵਾਲੇ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਆਪਣੀ ਸਿਆਸੀ ਸੋਚ ਦਾ ਅਹਿਮ ਹਿੱਸਾ ਬਣਾਇਆ ਹੈ। ਉਨ੍ਹਾਂ ਦੀ ਨੌਜਵਾਨਾਂ ਵਿਚ ਬਣੀ ਪਕੜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿਚ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਫ਼ੈਸਲੇ ਨਾਲ ਪਾਰਟੀ ਦੇ ਨੌਜਵਾਨ ਵਰਗ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਟੀਚਾ ਸਿਰਫ਼ ਚੋਣਾਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਨਵੀਂ ਜ਼ਿੰਮੇਵਾਰੀ ਨਾਲ ਸਚਿਨ ਪਾਇਲਟ ਅਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਭਰਨ ਅਤੇ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਲਈ ਤਿਆਰ ਕਰਨ ਵਿਚ ਮਦਦ ਮਿਲੇਗੀ।