- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਐਲਐਮ ਗਰਲਜ਼ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐਲਐਮ ਗਰਲਜ਼ ਕਾਲਜ ਵਿਖੇ ਰਾਜਨੀਤੀ ਵਿਗਿਆਨ ਵਿਭਾਗ ਅਤੇ ਐੱਨਐੱਸਐੱਸ ਯੂਨਿਟ ਵੱਲੋਂ ਸਾਂਝੇ ਤੌਰ ’ਤੇ ‘ਸੰਵਿਧਾਨ ਦਿਵਸ’ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ। ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣੂ ਕਰਵਾਇਆ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਵਿਚ ਦਰਜ ਮੂਲ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਪ੍ਰਤੀ ਵੀ ਸੁਚੇਤ ਰਹਿਣਾ ਚਾਹੀਦਾ ਹੈ। ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਹਰਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੰਵਿਧਾਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪ੍ਰੋ. ਗੁਰਭਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਕਿਰਨ ਅਤੇ ਪ੍ਰੋ. ਰਮਨਦੀਪ ਕੌਰ ਵੱਲੋਂ ਲਗਭਗ 50 ਵਿਦਿਆਰਥਣਾਂ ਦੇ ਨਾਲ ਸੰਵਿਧਾਨ ਦੀ ਪ੍ਰਸਤਾਵਨਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੀ ਸਹੁੰ ਚੁਕਾਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਸੰਵਿਧਾਨਕ ਕਦਰਾਂ-ਕੀਮਤਾਂ, ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਸਮੁੱਚਾ ਸਮਾਗਮ ਸੰਵਿਧਾਨ ਪ੍ਰਤੀ ਸਤਿਕਾਰ ਅਤੇ ਲੋਕਤੰਤਰੀ ਚੇਤਨਾ ਦਾ ਸੰਦੇਸ਼ ਦਿੰਦਾ ਹੋਇਆ ਸਫਲਤਾ ਪੂਰਵਕ ਸੰਪੰਨ ਹੋਇਆ।