ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਸਬ ਕਮੇਟੀ ਦਾ ਫੂਕਿਆ ਪੁਤਲਾ
ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Tue, 07 Apr 2026 06:24 PM (IST)
Updated Date: Wed, 08 Apr 2026 04:06 AM (IST)

- ਪਾਵਰਕਾਮ ਦਫਤਰ ਦੇ ਮੁੱਖ ਗੇਟ ਅੱਗੇ ਪ੍ਰਗਟਾਇਆ ਰੋਸ, ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਸੰਘਰਸ਼ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਨਵਾਂਸ਼ਹਿਰ ਦੇ ਪਾਵਰਕਾਮ ਦਫਤਰ ਦੇ ਮੁੱਖ ਗੇਟ ਤੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਸਬ ਕਮੇਟੀ ਦਾ ਪੁਤਲਾ ਫੂਕਿਆ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ।।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ’ਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਦੇ ਹਲਕੇ ਵਿਚ ਕੀਤੇ ਝੰਡਾ ਮਾਰਚ ਦੇ ਦਬਾਅ ਤਹਿਤ 7 ਮਾਰਚ ਨੂੰ ਪੈਨਲ ਮੀਟਿੰਗ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਦੱਸਿਆ ਕਿ ਸਬ ਕਮੇਟੀ ਨੇ ਹਰ ਵਾਰ ਦੀ ਤਰ੍ਹਾਂ ਮੀਟਿੰਗ ਦੇ ਦਿਨ ਤੋਂ ਇੱਕ ਦਿਨ ਪਹਿਲਾਂ ਅਗਲੇ ਦਿਨ ਹੀ ਮੀਟਿੰਗ ਕਰਨ ਸੰਬੰਧੀ ਪੱਤਰ ਜਾਰੀ ਕਰ ਦਿੱਤਾ।।ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਸਬ-ਕਮੇਟੀ ਦੇ ਪੁਤਲੇ ਫੂਕਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਆਗੂਆਂ ਨੇ ਵੱਖ-ਵੱਖ ਥਾਵਾਂ ਤੇ ਠੇਕਾ ਮੁਲਾਜ਼ਮ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਬਿਨ੍ਹਾਂ ਵਜ੍ਹਾ ਤੋਂ ਹਿਰਾਸਤ ਵਿੱਚ ਲੈਣ ਅਤੇ ਘਰਾਂ ਵਿਚ ਨਜ਼ਰਬੰਦ ਕਰਨ ਦੀ ਨਿਖੇਧੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ। ਇਸ ਮੌਕੇ ਆਗੂਆਂ ਵਿਚ ਹਰਪ੍ਰੀਤ ਸਿੰਘ, ਸਕੱਤਰ ਤਰਲੋਚਨ ਸਿੰਘ, ਗੌਰਵ ਅਤੇ ਰਵਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਜੋਰਦਾਰ ਸੰਘਰਸ਼ ਕੀਤਾ ਜਾਵੇਗਾ।