ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਮਹਾਮਾਰੀ ਵੱਧਣ ਲੱਗੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਲਾਉਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਵਾਰ ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ 19 ਨਵੇਂ ਮਾਮਲੇ ਆਏ ਹਨ, ਜਦਕਿ 1 ਮਰੀਜ਼ ਤੰਦਰੁਸਤ ਹੋਣ ਉਪਰੰਤ ਘਰ ਭੇਜ ਦਿੱਤਾ ਹੈ। ਇਸ ਬਾਰੇ ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤਕ 139340 ਲੋਕਾਂ ਦੇ ਜ਼ਿਲ੍ਹੇ 'ਚ ਕੋਰੋਨਾ ਸੈਂਪਲ ਲਏ ਜਾ ਚੁੱਕੇ ਹਨ ਅਤੇ 134273 ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 2132 ਸੈਂਪਲਾਂ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤਕ 3727 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ ਅਤੇ 3440 ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ 'ਚ 111 ਕੋਰੋਨਾ ਪਾਜ਼ੇਟਿਵ ਮਾਮਲੇ ਹਨ ਅਤੇ 176 ਲੋਕਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਅੱਜ ਮੋਰਿੰਡਾ ਵਿਖੇ 3 ਕੋਰੋਨਾ ਮਾਮਲੇ, ਰੋਪੜ ਵਿਖੇ 3 ਨਵੇਂ ਮਾਮਲੇ, ਭਰਤਗੜ੍ਹ ਵਿਖੇ 6, ਨੂਰਪੁਰ ਬੇਦੀ 2, ਸ੍ਰੀ ਚਮਕੌਰ ਸਾਹਿਬ ਵਿਖੇ 3 ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਕੋਰੋਨਾ ਮਾਮਲੇ ਆਏ ਹਨ। ਡੀਸੀ ਸੋਨਾਲੀ ਗਿਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਮਾਸਕ ਲਾਕੇ ਹੀ ਘਰਾਂ ਤੋਂ ਬਾਹਰ ਜਾਣ ਤੇ ਸਮਾਜਿਕ ਦੂਰੀ ਵੀ ਬਣਾ ਕੇ ਰੱਖਣ, ਜਿਸ ਨਾਲ ਕੋਰੋਨਾ ਮਹਾਮਾਰੀ ਤੋਂ ਬਚਾਅ ਹੋ ਸਕੇ।