ਰਾਸ਼ਟਰੀ ਯੁਵਾ ਦਿਵਸ 'ਤੇ ਰਚਨਾਤਮਕ ਮੁਕਾਬਲੇ ਕਰਵਾਏ
ਰਾਸ਼ਟਰੀ ਯੁਵਾ ਦਿਵਸ 'ਤੇ ਰਚਨਾਤਮਕ ਮੁਕਾਬਲੇ ਕਰਵਾਏ
Publish Date: Mon, 12 Jan 2026 04:28 PM (IST)
Updated Date: Tue, 13 Jan 2026 04:03 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਸੰਬੰਧੀ ਮਨਾਏ ਜਾ ਰਹੇ ਰਾਸ਼ਟਰੀ ਯੁਵਾ ਦਿਵਸ ਮਨਾਉਣ ਲਈ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਬਲਾਚੌਰ ਦੀਆਂ ਰਾਸ਼ਟਰੀ ਸੇਵਾ ਯੋਜਨਾ (ਐਨਐੱਸਐੱਸ) ਇਕਾਈਆਂ ਵੱਲੋਂ ਪ੍ਰਿੰਸੀਪਲ ਡਾ. ਸਤੀਸ਼ ਕੁਮਾਰ ਧੀਮਾਨ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ। ਪ੍ਰੋਗਰਾਮ ਦੌਰਾਨ ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਆਦਰਸ਼ਾਂ, ਵਿਚਾਰਾਂ ਅਤੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਪੋਸਟਰ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸਵਾਮੀ ਦੇ ਸੰਦੇਸ਼ਾਂ, ਯੁਵਾ ਸ਼ਕਤੀ ਅਤੇ ਸਮਾਜ ਵਿਚ ਸਕਾਰਾਤਮਕ ਤਬਦੀਲੀ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸੰਖੇਪ, ਸ਼ਕਤੀਸ਼ਾਲੀ ਅਤੇ ਪ੍ਰੇਰਨਾਦਾਇਕ ਨਾਅਰਿਆਂ ਰਾਹੀਂ ਨੌਜਵਾਨਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਹਰੀਨਾਥ ਸ਼ਰਮਾ ਅਤੇ ਡਾ. ਅੰਜਲੀ ਪਾਠਕ ਨੇ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਦੇ ਇਤਿਹਾਸਕ ਸੰਦੇਸ਼, “ਉੱਠੋ, ਜਾਗੋ, ਅਤੇ ਟੀਚਾ ਪ੍ਰਾਪਤ ਹੋਣ ਤੱਕ ਨਾ ਰੁਕੋ“ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ। ਕਾਲਜ ਪ੍ਰਸ਼ਾਸਨ ਨੇ ਸਾਰੇ ਭਾਗੀਦਾਰਾਂ ਦੇ ਉਤਸ਼ਾਹ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸਤੀਸ਼ ਕੁਮਾਰ ਧੀਮਾਨ ਨੇ ਕਿਹਾ ਇਹ ਖੁਸ਼ੀ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਇੰਨੀ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਅਜਿਹੇ ਸਮਾਗਮ ਨੌਜਵਾਨ ਮਨਾਂ ਨੂੰ ਰਾਸ਼ਟਰੀ ਕਦਰਾਂ-ਕੀਮਤਾਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਨਵੇਂ ਜਨੂੰਨ ਪੈਦਾ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।। ਇਸ ਮੌਕੇ ਕਾਲਜ ਫੈਕਲਟੀ, ਐਨਐਸਐਸ ਵਲੰਟੀਅਰ ਅਤੇ ਹੋਰ ਸਟਾਫ ਮੌਜੂਦ ਸੀ।