ਡੀਸੀ ਔਲਖ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
Publish Date: Thu, 22 Jan 2026 05:48 PM (IST)
Updated Date: Fri, 23 Jan 2026 04:10 AM (IST)
-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਮਿਊਜੀਅਮ ਦਾ ਕੀਤਾ ਦੌਰਾ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ਤੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿਚ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿੰਦਿਆਂ ਉਹ ਦਿਨ-ਰਾਤ ਇਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ। ਇਸ ਮੌਕੇ ਐੱਸਡੀਐਮ ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।