ਖੇਡਾਂ ਵਤਨ ਪੰਜਾਬ ਦੀ ਰਜਿਸਟ੍ਰੇਸ਼ਨ ਲਈ ਕਿਊਆਰ ਕੋਡ ਸਕੈਨਰ ਜਾਰੀ ਖੇਡਾਂ ਵਤਨ ਪੰਜਾਬ ਸੰਬੰਧੀ ਡੀਸੀ ਵੱਲੋਂ ਰਜਿਸਟ੍ਰੇਸ਼ਨ ਲਈ ਕਿਊਆਰ ਕੋਡ ਸਕੈਨਰ ਜਾਰੀ
Publish Date: Mon, 31 Aug 2026 06:37 PM (IST)
Updated Date: Mon, 31 Aug 2026 06:40 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ ਖੇਡਾਂ ਵਤਨ ਪੰਜਾਬ ਸੀਜ਼ਨ-4 ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਅੱਜ ਇੱਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਆਪਣੇ ਦਫ਼ਤਰ ਵਿਖੇ ਖਿਡਾਰੀਆਂ ਦੀ ਭਾਗੀਦਾਰੀ ਅਤੇ ਰਜਿਸਟ੍ਰੇਸ਼ਨ ਸੰਬੰਧੀ ਸਕੈਨਿੰਗ ਪ੍ਰਕਿਰਿਆ ਲਈ ਤਿਆਰ ਕੀਤੇ ਗਏ ਵਿਸ਼ੇਸ਼ ਕਿਊਆਰ ਕੋਡ ਸਕੈਨਰ (ਪੋਸਟਰ) ਦਾ ਰਸਮੀ ਤੌਰ ਤੇ ਉਦਘਾਟਨ ਕਰਕੇ ਜਾਰੀ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਉਨ੍ਹਾਂ ਵੱਲੋਂ ਵੀ ਸਕੈਨਰ ਦੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਪੰਜਾਬ ਸਰਕਾਰ ਦਾ ਇੱਕ ਮਹੱਤਵ ਪੂਰਨ ਖੇਡ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਚਿਤ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ, ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਕਾਰੀਆਂ, ਕੋਚਾਂ ਅਤੇ ਹੋਰ ਸੰਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਖਿਡਾਰੀਆਂ ਦੀ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿਚ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਇਸ ਸੰਬੰਧੀ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇ। ਉੁਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡ ਮੈਦਾਨ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਮੂਹ ਸੰਬੰਧਤ ਅਧਿਕਾਰੀ ਅਤੇ ਸੰਸਥਾਵਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ।।ਇਸ ਮੌਕੇ ਸੰਬੰਧਤ ਅਧਿਕਾਰੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।