- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਵੱਲੋਂ ਈਵੀਐਮਜ਼ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਨੂੰ ਜ਼ਿਲ੍ਹਾ ਪੱਧਰੀ ਈਵੀਐਮ ਵੇਅਰ ਹਾਊਸ, ਡਾ. ਬੀਆਰ ਅੰਬੇਡਕਰ ਭਵਨ ਗੁੱਜਰਪੁਰ ਕਲਾਂ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਸੰਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰਮਨਜੀਤ, ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਕ੍ਰਿਸ਼ਨ ਦੁਗਲ ਅਤੇ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਪ੍ਰਬੰਧਾਂ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਲਈ ਕੁੱਲ 1,844 ਬੈਲਟ ਯੂਨਿਟ (ਬੀ.ਯੂ.), 901 ਕੰਟਰੋਲ ਯੂਨਿਟ (ਸੀ.ਯੂ.) ਅਤੇ 931 ਵੀ.ਵੀ.ਪੈਟ ਮਸ਼ੀਨਾਂ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ) ਦੇ ਛੇ ਇੰਜੀਨੀਅਰਾਂ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ, 2026 ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਪ੍ਰਕਿਰਿਆ ਕਰੀਬ ਤਿੰਨ ਹਫ਼ਤਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਫਐਲਸੀ ਚੋਣ ਪ੍ਰਕਿਰਿਆ ਦਾ ਇੱਕ ਅਹਿਮ ਪੜਾਅ ਹੈ, ਜਿਸ ਰਾਹੀਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੈਕਿੰਗ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।