- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਮਹੂਰੀ ਅਧਿਕਾਰ ਸਭਾ ਵੱਲੋਂ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਜਬਰ ਦੀ ਨਿੰਦਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਜਮਹੂਰੀ ਅਧਿਕਾਰ ਸਭਾ ਨੇ ਸ਼ਹੀਦ ਮਲਕੀਤ ਚੰਦ ਮੇਹਲੀ ਯਾਦਗਾਰ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਮੀਟਿੰਗ ਕਰ ਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਗੁਪਤਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਦਿੱਲੀ ਪੁਲਿਸ ਵੱਲੋਂ ਜਬਰੀ ਰੋਕਣ, ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈਣ ਅਤੇ ਉਨ੍ਹਾਂ ਉੱਤੇ ਤਸ਼ੱਦਦ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਭਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਸਕੱਤਰ ਜਸਬੀਰ ਦੀਪ ਅਤੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਉੱਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਗੁਪਤਾ ਨੇ ਨਾ ਮਾਫ਼ੀ ਯੋਗ ਅਪਰਾਧ ਕੀਤਾ ਹੈ। ਇਸ ਲਈ ਉਹ ਬਰਖਾਸਤਗੀ ਅਤੇ ਸਲਾਖਾਂ ਪਿੱਛੇ ਜਾਣ ਦਾ ਹੱਕਦਾਰ ਹੈ ਪਰ ਕੇਂਦਰ ਸਰਕਾਰ ਉਸ ਨੂੰ ਬਚਾਉਣ ਲਈ ਪੁਲਿਸ ਦਾ ਦੁਰਉਪਯੋਗ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੀ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ ਉੱਤੇ ਚਲਦਿਆਂ ਲੋਕ ਰੋਹ ਨੂੰ ਦਬਾਉਣ ਲਈ ਪੁਲਿਸ ਜਬਰ ਦਾ ਸਹਾਰਾ ਲੈ ਰਹੀ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਧਰਨਾਕਾਰੀ ਵਿਦਿਆਰਥੀਆਂ ਉੱਤੇ ਕੀਤਾ। ਪੁਲਿਸ ਜਬਰ ਅਤੇ ਸੰਗਰੂਰ ਵਿਖੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹਮਾਇਤੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਮ੍ਰਿਤਕ ਦੀ ਲਾਸ਼ ਦਾ ਧੱਕੇ ਨਾਲ ਸੰਸਕਾਰ ਕਰਨ ਦੀ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਮੀਟਿੰਗ ਵਿਚ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਕੈਨੇਡਾ ਤੋਂ ਛੱਪਦੇ ਪੰਜਾਬੀ ਮੈਗਜ਼ੀਨ ‘ਸਰੋਕਾਰਾਂ ਦੀ ਆਵਾਜ਼’ ਦੇ ਸੰਪਾਦਕ ਹਰਬੰਸ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਹਰਬੰਸ ਸਿੰਘ ਨੇ ਸਾਰੀ ਉਮਰ ਲੋਕ ਹਿੱਤਾਂ ’ਤੇ ਪਹਿਰਾ ਦਿੱਤਾ।