ਡੀਸੀ ਵੱਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਇਕੱਤਰਤਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ
Publish Date: Tue, 11 Aug 2026 04:41 PM (IST)
Updated Date: Tue, 11 Aug 2026 04:44 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਸੜਕ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਾਂ ਤੇ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸੜਕਾਂ ਤੇ ਪਸ਼ੂਆਂ ਦੀ ਆਵਾਜਾਈ, ਬੇਸਹਾਰਾ ਪਸ਼ੂਆਂ ਦੇ ਪ੍ਰਬੰਧਨ, ਸੜਕ ਹਾਦਸਿਆਂ ਦੀ ਰੋਕਥਾਮ ਸੰਬੰਧੀ ਹਦਾਇਤਾਂ ਦੀ ਪਾਲਣਾ ਬਾਰੇ ਸੰਬੰਧਤ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਪੀਐਮ ਰਾਹਤ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਕੀਮ ਸੰਬੰਧੀ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਤਾਇਨਾਤ ਕਰਨ। ਤਾਂ ਜੋ ਇਸ ਸਕੀਮ ਨੂੰ ਜ਼ਮੀਨੀ ਪੱਧਰ ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਈ-ਡਾਰ (ਇਲੈਕਟ੍ਰਾਨਿਕ ਡਿਟੇਲਡ ਐਕਸੀਡੈਂਟ ਰਿਪੋਰਟ) ਪੋਰਟਲ ਤੇ ਹਾਦਸਿਆਂ ਦੀ ਸਮੇਂ ਸਿਰ ਐਂਟਰੀ, ਰਾਹਵੀਰ ਸਕੀਮ, ਫਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਮਿੱਤਰ ਸਕੀਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।।ਉਨ੍ਹਾਂ ਜ਼ਿਲ੍ਹਾ ਸੂਚਨਾ ਅਫ਼ਸਰ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀ ਵੈੱਬਸਾਈਟ ਤੇ ਇਨ੍ਹਾਂ ਸਕੀਮਾਂ ਸੰਬੰਧੀ ਪੂਰੀ ਜਾਣਕਾਰੀ ਅੱਪਲੋਡ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿੱਟ ਐਂਡ ਰਨ ਮਾਮਲਿਆਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸੜਕ ਸੁਰੱਖਿਆ ਸੰਬੰਧੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ, ਸਕੂਲਾਂ ਅਤੇ ਕਾਲਜਾਂ ਵਿਚ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਵਧਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਸੜਕਾਂ ਤੇ ਲੋੜੀਂਦੇ ਸਾਈਨ ਬੋਰਡ, ਰੋਡ ਮਾਰਕਿੰਗ, ਸਪੀਡ ਕੰਟਰੋਲ ਉਪਾਅ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਕੰਮ ਕਰਨ। ਤਾਂ ਜੋ ਸੜਕ ਹਾਦਸਿਆਂ ਵਿਚ ਕਮੀ ਲਿਆ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਮੀਟਿੰਗ ਚ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਰਿਜਨਲ ਟਰਾਂਸਪੋਰਟ ਅਥਾਰਟੀ ਇੰਦਰਪਾਲ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।