ਡਿਪਟੀ ਕਮਿਸ਼ਨਰ ਵੱਲੋਂ ਈਵੀਐਮਜ਼ ਅਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਈਵੀਐਮਜ਼ ਅਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
Publish Date: Thu, 12 Nov 2026 03:30 PM (IST)
Updated Date: Thu, 12 Nov 2026 03:33 PM (IST)
ਜਾਂਚ ਪ੍ਰਕਿਰਿਆ ਦੀ ਪੂਰੀ ਕਾਰਵਾਈ ਸੀਸੀਟੀਵੀ ਨਿਗਰਾਨੀ ਤੇ ਵੀਡੀਓਗ੍ਰਾਫੀ ਹੇਠ ਕੀਤੀ ਜਾ ਰਹੀ ਹੈ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਈਵੀਐਮ ਵੇਅਰਹਾਊਸ, ਡਾ. ਬੀਆਰ ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਪ੍ਰਕਿਰਿਆ ਦਾ ਨਿਰੀਖਣ ਕੀਤਾ।। ਇਹ ਜਾਂਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਸ਼ੁਰੂ ਕੀਤੀ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਵਨੀਤ ਕੌਰ, ਈਵੀਐਮ ਦੇ ਨੋਡਲ ਅਫਸਰ ਜਸਪ੍ਰੀਤ ਸਿੰਘ ਜ਼ਿਲ੍ਹਾ ਮਾਲ ਅਫਸਰ, ਈਵੀਐਮ ਦੇ ਸਹਾਇਕ ਨੋਡਲ ਅਫਸਰ ਸਿਮਰਨਜੀਤ ਸਿੰਘ ਐਕਸੀਅਨ ਵਾਟਰ ਸਪਲਾਈ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਜਾਂਚ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ।।ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ। ਉਨ੍ਹਾਂ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੋਂ ਵਿਚ ਆਉਣ ਵਾਲੀਆਂ 1,844 ਬੈਲਟ ਯੂਨਿਟਾਂ, 901 ਕੰਟਰੋਲ ਯੂਨਿਟਾਂ ਅਤੇ 931 ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਕਰੀਬ ਤਿੰਨ ਹਫ਼ਤਿਆਂ ਅੰਦਰ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਸ਼ੀਨਾਂ ਦੀ ਜਾਂਚ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਅਭਿਆਸ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਮਸ਼ੀਨਾਂ ਦੀ ਜਾਂਚ ਅਤੇ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾ ਸਕਣ। ਜਾਂਚ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਕਾਰਵਾਈ ਸੀਸੀਟੀਵੀ ਨਿਗਰਾਨੀ ਤੇ ਵੀਡੀਓਗ੍ਰਾਫੀ ਹੇਠ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਪ੍ਰਕਿਰਿਆ ਵਿਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਅਤੇ ਆਪਣੇ ਪ੍ਰਤੀਨਿਧੀ ਭੇਜਣ, ਤਾਂ ਜੋ ਜਾਂਚ ਦੇ ਹਰੇਕ ਪੜਾਅ ਵਿਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਸਿਆਸੀ ਪਾਰਟੀਆਂ ਦੀ ਭਾਗੀਦਾਰੀ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਗੁਰਮੁੱਖ ਸਿੰਘ ਅਤੇ ਮੁਕੇਸ਼ ਕੁਮਾਰ ਬਾਲੀ, ਆਮ ਆਦਮੀ ਪਾਰਟੀ ਤੋਂ ਸ਼ਿਵ ਰਾਮ, ਸੀਪੀਆਈ (ਐਮ) ਤੋਂ ਚਰਨਜੀਤ ਸਿੰਘ ਦੌਲਤਪੁਰ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਨਰਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਵਤਾਰ ਸ਼ੀਮਾਰ ਅਤੇ ਦਿਨੇਸ਼ ਕੁਮਾਰ, ਕਾਂਗਰਸ ਪਾਰਟੀ ਤੋਂ ਬਲਜਿੰਦਰ ਸਿੰਘ ਅਤੇ ਕੁਲਵਰਨ ਸਿੰਘ ਗਿੱਲ ਹਾਜ਼ਰ ਸਨ।