ਡੀਸੀ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਰਵਾਨਾ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਵੈਨਾਂ ਰਵਾਨਾ
Publish Date: Tue, 29 Sep 2026 04:29 PM (IST)
Updated Date: Tue, 29 Sep 2026 04:30 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਾਉਣੀ-2026 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਮੁਹਿਮ ਜ਼ਿਲ੍ਹੇ ਵਿਖੇ ਕਾਫੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੁਹਿਮ ਤਹਿਤ ਡਿਪਟੀ ਕਮਿਸ਼ਨਰ ਗੁੱਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕਰਨ ਦਾ ਸੰਦੇਸ਼ ਦੇਣਗੀਆਂ। ਇਸ ਸੰਬੰਧ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਜਮੀਨਾਂ ਦਾ ਵੀ ਬੰਜਰ ਹੋਣ ਦਾ ਖਦਸ਼ਾ ਹੈ, ਜਿਸ ਦੇ ਨਾਲ ਆਉਣ ਵਾਲੀਆਂ ਪੀੜੀਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।।ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਇਸ ਦੀ ਸਾਂਭ-ਸੰਭਾਲ ਕਰੇ। ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਤਕਰੀਬਨ 1800 ਤੋਂ ਵੱਧ ਮਸ਼ੀਨਾਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬਧ ਹਨ ਅਤੇ ਚਾਲੂ ਸਾਲ ਦੌਰਾਨ ਵੀ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਕਿਸਾਨ ਮਸ਼ੀਨਰੀ ਦੇ ਮਾਲਕ ਹਨ ਉਹ ਆਪਣੀ ਮਸ਼ੀਨਰੀ ਦਾ ਪੂਰਾ ਇਸਤੇਮਾਲ ਕਰਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨ ਨਹੀਂ ਹੈ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਨ। ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫਸਰ ਡਾ. ਸੁਰਿੰਦਰ ਕੁਮਾਰ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ, ਸਹਾਇਕ ਗੰਨਾ ਵਿਕਾਸ ਅਫਸਰ ਅਸ਼ਵਿੰਦਰ ਕੁਮਾਰ ਆਦਿ ਹਾਜ਼ਰ ਸਨ।