ਡੀਸੀ ਵੱਲੋਂ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਇਕੱਤਰਤਾ ਡਿਪਟੀ ਕਮਿਸ਼ਨਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੰਬੰਧੀ ਪੁਲਿਸ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
Publish Date: Tue, 13 Oct 2026 06:48 PM (IST)
Updated Date: Tue, 13 Oct 2026 06:50 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਜਿਸ ਵਿਚ ਐੱਸਐੱਸਪੀ ਤੁਸ਼ਾਰ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐੱਸਡੀਐੱਮ ਬਲਾਚੌਰ ਸੁਨੀਲ ਫੋਗਾਟ, ਐੱਸਡੀਐੱਮ ਨਵਾਂਸ਼ਹਿਰ ਅਨਮਜੋਤ ਕੌਰ, ਐੱਸਡੀਐੱਮ ਬੰਗਾ ਵਿਪਨ ਭੰਡਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਹਨਾ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ ’ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਹੋਰ ਕਿਰਿਆਸ਼ੀਲ ਕੀਤੀ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਨਾਜਾਇਜ਼ ਜਾਇਦਾਦ ਨੂੰ ਜ਼ਬਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ, ਇਸ ਲਈ ਕਿਸੇ ਵੀ ਅਧਿਕਾਰੀ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਨਸ਼ਾ ਵਿਕਣ ਦੀ ਸੂਚਨਾ ਮਿਲੇ ਤਾਂ ਉਹ ਤੁਰੰਤ ਪ੍ਰਸ਼ਾਸਨ ਜਾਂ ਪੁਲਿਸ ਦੇ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਸਿਵਲ ਹਸਪਤਾਲ ਅਤੇ ਓਟ ਸੈਂਟਰਾਂ ਵਿਚ ਇਲਾਜ ਲਈ ਆ ਰਹੇ ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਹੁਨਰ ਸਿਖਲਾਈ ਅਤੇ ਰੁਜ਼ਗਾਰ ਨਾਲ ਜੋੜਿਆ ਜਾਵੇ। ਇਸ ਮੌਕੇ ਐੱਸਐੱਸਪੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਜ਼ਿਲ੍ਹੇ ਵਿਚ ਐੱਨਡੀਪੀਐੱਸ ਐਕਟ ਤਹਿਤ ਕਈ ਮਾਮਲੇ ਦਰਜ ਕਰ ਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ।