ਡੀਸੀ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਸਬੰਧੀ ਰੋਕਥਾਮ ਲਈ ਕੀਤੀ ਸਮੀਖਿਆ ਮੀਟਿੰਗ
Publish Date: Tue, 03 Mar 2026 05:47 PM (IST)
Updated Date: Wed, 04 Mar 2026 04:03 AM (IST)

ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਪ੍ਰੋਜੈਕਟ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਰਮੇਸ਼ ਸ਼ਰਮਾ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਐੱਸਡੀਐਮ ਬੰਗਾ ਵਿਪਨ ਭੰਡਾਰੀ, ਐੱਸਡੀਐੱਮ ਨਵਾਂਸ਼ਹਿਰ ਅਨਮਜਯੋਤ ਕੌਰ, ਉਪ ਮੰਡਲ ਅਫ਼ਸਰ ਹਰਕਮਲ ਹੀਰਾ, ਕਾਰਜਕਾਰੀ ਇੰਜੀਨੀਅਰ ਜਲ ਨਿਕਾਸ–ਕਮ-ਮਾਈਨਿੰਗ ਤੇ ਜਿਓਲੋਜੀ ਮੰਡਲ ਕਿਰਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ, ਉੱਪ ਮੰਡਲ ਅਫ਼ਸਰ ਨਵਜੋਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਅਗੇਤੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਵੱਲੋਂ ਸੰਭਾਵਿਤ ਹੜ੍ਹਾਂ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਧੁੱਸੀ ਬੰਨ੍ਹ ਦੇ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਜਾਵੇ, ਖ਼ਾਸ ਕਰਕੇ ਪਿਛਲੇ ਸਾਲ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਤਾਂ ਜੋ ਸਮੇਂ ਸਿਰ ਰੋਕਥਾਮ ਲਈ ਉਚੇਚੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਮਾਨਸੂਨ ਦੌਰਾਨ ਕਿਸੇ ਵੀ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਅ ਲਈ ਨਵੇਂ ਕੰਮਾਂ ਦਾ ਵੀ ਜਾਇਜ਼ਾ ਲਿਆ। ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਉਨ੍ਹਾਂ ਪਹਿਲਾਂ ਤੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਉੱਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸਾਰੇ ਚੱਲ ਰਹੇ ਕੰਮ ਮੁਕੰਮਲ ਹੋਣੇ ਚਾਹੀਦੇ ਹਨ, ਤਾਂ ਜੋ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਕਿਨਾਰਿਆਂ ਨਾਲ ਲੱਗਦੇ ਧੁੱਸੀ ਬੰਨ੍ਹ ’ਤੇ ਕੀਤੇ ਜਾ ਰਹੇ ਮਜ਼ਬੂਤੀਕਰਨ ਕੰਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਫਲੱਡ ਪ੍ਰੋਟੈਕਸ਼ਨ ਐਕਸ਼ਨ ਪਲਾਨ 2026 ਅਤੇ ਡਿਸਟ੍ਰਿਕਟ ਡਿਜਾਸਟਰ ਮੈਨੇਜਮੈਂਟ ਪਲਾਨ 2026 ਨੂੰ ਅਪਡੇਟ ਰੱਖਣ ਲਈ ਵੀ ਕਿਹਾ ਤਾਂ ਜੋ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਸਥਿਤੀ ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ 24 ਗੁਣਾ 7 ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਹੜ੍ਹ ਪ੍ਰਬੰਧਨ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਨਸੂਨ ਦੌਰਾਨ ਜ਼ਿਲ੍ਹੇ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਯਕੀਨੀ ਬਣਾਇਆ ਜਾਵੇ।