- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਦ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਿਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਸੀਜ਼ਨ ਦੌਰਾਨ ਲਗਭਗ 3,69,900 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਪੱਕੀਆਂ ਅਤੇ ਅਸਥਾਈ ਖ਼ਰੀਦ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ 17 ਫ਼ੀਸਦੀ ਨਿਰਧਾਰਤ ਨਮੀ ਦੇ ਮਾਪਦੰਡ ਅਨੁਸਾਰ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 30 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਖ਼ਰੀਦ ਸਬੰਧੀ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਐੱਫਸੀਆਈ ਸਮੇਤ ਸਬੰਧਿਤ ਖ਼ਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾ ਉਪਲਬਧ ਹੈ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ ਅਤੇ ਜ਼ਿਲ੍ਹੇ ਵਿਚ ਕੁੱਲ 60 ਸ਼ੈਲਰ ਹਨ।