ਡੀਸੀ ਵੱਲੋਂ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ
Publish Date: Thu, 16 Apr 2026 05:57 PM (IST)
Updated Date: Fri, 17 Apr 2026 04:12 AM (IST)

16ਐਨਐਸਆਰ37ਪੀ ਮੰਡੀਆਂ ਦਾ ਦੌਰਾ ਕਰਨ ਸਮੇਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨਾਲ ਹੋਰ। ਪੰਜਾਬੀ ਜਾਗਰਣ * ਅਧਿਕਾਰੀਆ ਨੂੰ ਖ਼ਰੀਦ ਤੇ ਲਿਫ਼ਟਿੰਗ ਦੇ ਕੰਮ ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅਨਾਜ ਮੰਡੀ ਫਾਂਬੜਾ, ਦੁਪਾਲਪੁਰ ਅਤੇ ਧੈਂਗੜਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਮੰਡੀ ਵਿਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋਂ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਚ 3755 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1079 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 2026-27 ’ਚ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਗਪਗ 300189 ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਇਸ ਲਈ ਉਹ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿਚ ਆਪਣੀ ਜਿਨਸ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਤੇ ਐਸਡੀਐਮ ਨਵਾਂਸ਼ਹਿਰ ਅਨਮਜਯੋਤ ਕੌਰ ਅਤੇ ਕਿਸਾਨ ਵੀ ਹਾਜ਼ਰ ਸਨ।