ਡੀਸੀ ਵੱਲੋਂ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
Publish Date: Thu, 15 Jan 2026 05:57 PM (IST)
Updated Date: Fri, 16 Jan 2026 04:07 AM (IST)

ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਦੇ ਨਿਰਦੇਸ਼ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹੇ ਦੀਆਂ ਸਮੂਹ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵਾਮਿਤਵ ਯੋਜਨਾ, ਐਲਈਡੀ ਲਾਈਟਾਂ, ਪ੍ਰਾਪਰਟੀ ਟੈਕਸ ਦੀ ਵਸੂਲੀ, ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਸੀਵਰੇਜ ਪ੍ਰਣਾਲੀ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਦੇ ਚੱਲ ਰਹੇ ਕੰਮ, ਗ੍ਰਾਂਟ ਦੀ ਵਰਤੋਂ ਅਤੇ ਅਣ-ਅਧਿਕਾਰਤ ਉਸਾਰੀਆਂ ਦੀ ਰਿਪੋਰਟ ਆਦਿ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਕੀਤੇ ਗਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਿਰ ਕੰਮ ਪੂਰੇ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਜਮੀਨੀ ਪੱਧਰ ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿੱਚ ਵੱਖ-ਵੱਖ ਹੋਟਲਾਂ, ਢਾਬਿਆਂ, ਹਸਪਤਾਲਾਂ ਆਦਿ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਤੇ ਐੱਸਟੀਪੀ ਜਾਂਚ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਪ੍ਰਾਪਰਟੀ ਟੈਕਸ ਦੇ ਮਿੱਥੇ ਗਏ ਟੀਚਿਆਂ ਤੋਂ ਵੱਧ ਪ੍ਰਾਪਰਟੀ ਟੈਕਸ ਇੱਕਠਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ, ਸੁਵਿਧਾਜਨਕ ਅਤੇ ਸੁੰਦਰ ਸ਼ਹਿਰ ਬਣਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਇੱਕ ਟੀਮ ਦੀ ਤਰ੍ਹਾਂ ਇੱਕਜੁੱਟ ਹੋ ਕੇ ਕੰਮ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਐਲ.ਈ.ਡੀ ਲਾਈਟਾਂ ਵਿੱਚ ਵਾਧਾ ਕਰਨ ਅਤੇ ਮੁਆਇੰਨਾ ਕਰਨ ਦੇ ਨਿਰਦੇਸ਼ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਐਲ.ਈ.ਡੀ. ਲਾਈਟ ਖਰਾਬ ਹੈ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਅਤੇ ਹਨੇਰੇ ਵਾਲੇ ਇਲਾਕੇ/ਥਾਂਵਾਂ ਤੇ ਐਲ.ਈ.ਡੀ. ਲਾਈਟ ਲਗਾਈ ਜਾਵੇ। ਇਸ ਮੌਕੇ ਨਗਰ ਕੌਸਲਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।