ਡੀਸੀ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Mon, 19 Jan 2026 07:24 PM (IST)
Updated Date: Tue, 20 Jan 2026 04:16 AM (IST)

ਨਵਾਂਸ਼ਹਿਰ ਚ ਮੰਤਰੀ ਡਾ. ਬਲਬੀਰ ਸਿੰਘ ਰਾਸ਼ਟਰੀ ਤਿਰੰਗਾ ਲਹਿਰਾਉਣਗੇ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਈਟੀਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਿਸ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸੰਬੰਧੀ ਕੀਤੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਮਾਰਚ ਪਾਸਟ, ਪੀਟੀ ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸ਼ਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।।ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝਾਕੀਆਂ ਲਈ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ- ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ-ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ 21, 22, 23 ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪੁਲਿਸ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਕੌਂਸਲ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜੋਤ ਕੌਰ, ਆਰਟੀਏ ਇੰਦਰਪਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।