ਭਾਰਤ ਹਸਪਤਾਲ ਡੀ-ਅਡੀਕਸ਼ਨ ਕੇਂਦਰ ਦੀ ਅਚਨਚੇਤ ਜਾਂਚ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਭਾਰਤ ਹਸਪਤਾਲ ਡੀ-ਅਡੀਕਸ਼ਨ ਕੇਂਦਰ ਦੀ ਅਚਨਚੇਤ ਜਾਂਚ
Publish Date: Sat, 28 Nov 2026 04:57 PM (IST)
Updated Date: Sat, 28 Nov 2026 04:58 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਤੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਭਾਰਤ ਹਸਪਤਾਲ ਡੀ-ਅਡੀਕਸ਼ਨ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਜਾਂਚ ਕੀਤੀ। ਇਸ ਸਮੇਂ ਮੈਡੀਕਲ ਅਫ਼ਸਰ (ਮਨੋਰੋਗ) ਡਾ. ਸੰਦੀਪ ਬਾਂਗੜ ਅਤੇ ਮੈਡੀਕਲ ਅਫ਼ਸਰ ਡਾ. ਰਮਨਦੀਪ ਕੁਮਾਰ ਵੀ ਮੌਜੂਦ ਸਨ। ਜਾਂਚ ਦੌਰਾਨ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਇਲਾਜ ਪ੍ਰਬੰਧਾਂ, ਦਵਾਈਆਂ ਦੀ ਉਪਲੱਬਧਤਾ, ਮਰੀਜ਼ਾਂ ਦੀ ਦੇਖਭਾਲ, ਸਾਫ਼-ਸਫ਼ਾਈ ਅਤੇ ਰਿਕਾਰਡ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਤੋਂ ਇਲਾਵਾ ਕੇਂਦਰ ਵੱਲੋਂ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਦੀ ਪਾਲਣਾ ਸੰਬੰਧੀ ਵੀ ਜਾਂਚ ਕੀਤੀ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਮਿਆਰੀ, ਸੁਰੱਖਿਅਤ ਅਤੇ ਮਨੁੱਖੀ ਸੰਵੇਦਨਸ਼ੀਲਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਸਮੇਂ-ਸਮੇਂ ਤੇ ਅਚਨਚੇਤ ਜਾਂਚ ਕਰਨਾ ਸਿਹਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੈ, ਤਾਂ ਜੋ ਇਲਾਜ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣੀ ਰਹੇ ਅਤੇ ਮਰੀਜ਼ਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕੇਂਦਰ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸਿਹਤ, ਸੁਰੱਖਿਆ, ਇਲਾਜ ਅਤੇ ਰਿਕਾਰਡ ਸੰਬੰਧੀ ਸਾਰੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਸੰਬੰਧਤ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦੇ ਖੇਤਰ ਵਿਚ ਕੰਮ ਕਰ ਰਹੇ ਸਾਰੇ ਸਰਕਾਰੀ ਅਤੇ ਨਿੱਜੀ ਕੇਂਦਰਾਂ ਦੀ ਕਾਰਗੁਜ਼ਾਰੀ ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਤਾਂ ਜੋ ਨਸ਼ੇ ਦੀ ਲਤ ਤੋਂ ਮੁਕਤੀ ਪ੍ਰਾਪਤ ਕਰ ਰਹੇ ਵਿਅਕਤੀਆਂ ਨੂੰ ਬਿਹਤਰ ਇਲਾਜ, ਸਹੀ ਮਾਰਗ ਦਰਸ਼ਨ ਅਤੇ ਸਨਮਾਨਜਨਕ ਮਾਹੌਲ ਮਿਲ ਸਕੇ।