ਡਿਪਟੀ ਸਪੀਕਰ ਰੌੜੀ, ਵਿਧਾਇਕ ਡਾ. ਐੱਸਕੇ ਸੁੱਖੀ ਅਤੇ ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਖਟਕੜ ਕਲਾਂ ਵਿਖੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ ਡਿਪਟੀ ਸਪੀਕਰ ਰੌੜੀ, ਵਿਧਾਇਕ ਡਾ. ਐੱਸਕੇ ਸੁੱਖੀ ਅਤੇ ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਖਟਕੜ ਕਲਾਂ ਵਿਖੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ
Publish Date: Mon, 28 Sep 2026 08:21 PM (IST)
Updated Date: Tue, 29 Sep 2026 04:07 AM (IST)
ਪ੍ਰਦੀਪ ਭਨੋਟ/ਨਰਿੰਦਰ ਮਾਹੀ, ਪੰਜਾਬੀ ਜਾਗਰਣ, ਨਵਾਂਸ਼ਹਿਰ/ਬੰਗਾ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸਮਾਰਕ ਵਿਖੇ ਜਾ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਰਾਸ਼ਟਰ ਪ੍ਰਤੀ ਸਮਰਪਣ ਅਤੇ ਦੇਸ਼ ਭਗਤੀ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ਤੇ ਚੱਲ ਕੇ ਲੋਕ ਸੇਵਾ ਦਾ ਕਾਰਜ ਕਰ ਰਹੀ ਹੈ। ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਸਭ ਦਾ ਫਰਜ਼ ਹੈ। ਡੀਸੀ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੀ ਮਹਾਨ ਕੁਰਬਾਨੀ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਵਰਗੀ ਇਤਿਹਾਸਕ ਧਰਤੀ ਤੋਂ ਸ਼ਹੀਦ-ਏ-ਆਜ਼ਮ ਦੀ ਵਿਰਾਸਤ ਦੇਸ਼ ਵਾਸੀਆਂ, ਖਾਸ ਕਰਕੇ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿਚ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।।ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈਂਦਿਆਂ ਸਿੱਖਿਆ, ਸਮਾਜ ਸੇਵਾ ਅਤੇ ਦੇਸ਼ ਦੀ ਤਰੱਕੀ ਵਿਚ ਸਕਾਰਾਤਮਕ ਯੋਗਦਾਨ ਪਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐੱਸਡੀਐਮ ਨਵਾਂਸ਼ਹਿਰ ਅਨਮਜੋਤ ਕੌਰ, ਐੱਸਡੀਐਮ ਬੰਗਾ ਵਿਪਿਨ ਭੰਡਾਰੀ, ਸਹਾਇਕ ਕਮਿਸ਼ਨਰ ਰਮਨਜੀਤ ਕੌਰ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ, ਸਾਬਕਾ ਪ੍ਰਧਾਨ ਸਤਨਾਮ ਜਲਾਲਪੁਰ, ਸਾਬਕਾ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਹਣ ਲਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।