ਸ਼ੂਗਰ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ : ਸਿਵਲ ਸਰਜਨ ਸ਼ੂਗਰ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ-ਸਿਵਲ ਸਰਜਨ
Publish Date: Sun, 15 Nov 2026 04:08 PM (IST)
Updated Date: Mon, 16 Nov 2026 04:01 AM (IST)
ਜ਼ਿਲ੍ਹਾ ਹਸਪਤਾਲ ਚ ਵਿਸ਼ਵ ਡਾਇਬੀਟੀਜ਼ ਦਿਵਸ ਸੰਬੰਧੀ ਜਾਗਰੂਕਤਾ ਸਮਾਰੋਹ ਕਰਵਾਇਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਡਾਇਬੀਟੀਜ਼ ਦਿਵਸ ਮੌਕੇ ਜਾਗਰੂਕਤਾ ਸਮਾਰੋਹ ਕਰਵਾਇਆ। ਜਿਸ ਦਾ ਉਦੇਸ਼ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ, ਸਮੇਂ ਸਿਰ ਜਾਂਚ ਅਤੇ ਇਲਾਜ ਸੰਬੰਧੀ ਜਾਗਰੂਕ ਕਰਨਾ ਸੀ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਜਾਗਰੂਕਤਾ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ੂਗਰ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ, ਕਿਉਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਡਾਇਬੀਟੀਜ਼ ਦਿਵਸ ਦਾ ਥੀਮ ਸ਼ੂਗਰ ਤੇ ਸਮੇਂ ਸਿਰ ਕਾਰਵਾਈ ਹੈ, ਜੋ ਬਿਮਾਰੀ ਦੀ ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਪਿਸ਼ਾਬ ਆਉਣਾ, ਬਹੁਤ ਜ਼ਿਆਦਾ ਪਿਆਸ ਲੱਗਣਾ, ਬਿਨਾਂ ਕਾਰਨ ਭਾਰ ਘਟਣਾ, ਥਕਾਵਟ, ਕਮਜ਼ੋਰੀ, ਨਜ਼ਰ ਧੁੰਦਲੀ ਹੋਣਾ ਅਤੇ ਜ਼ਖ਼ਮਾਂ ਦਾ ਦੇਰ ਨਾਲ ਠੀਕ ਹੋਣਾ ਸ਼ੂਗਰ ਦੇ ਸੰਭਾਵੀ ਲੱਛਣ ਹਨ। ਹਾਲਾਂਕਿ ਕਈ ਵਾਰ ਸ਼ੁਰੂਆਤੀ ਪੜਾਅ ਵਿਚ ਕੋਈ ਸਪੱਸ਼ਟ ਲੱਛਣ ਦਿਖਾਈ ਨਹੀਂ ਦਿੰਦੇ, ਇਸ ਲਈ ਸਮੇਂ-ਸਮੇਂ ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਨੇ ਕਿਹਾ ਕਿ ਸ਼ੂਗਰ ਤੋਂ ਬਚਾਅ ਅਤੇ ਇਸ ਨੂੰ ਕੰਟਰੋਲ ਵਿਚ ਰੱਖਣ ਲਈ ਸੰਤੁਲਿਤ ਖੁਰਾਕ, ਹਰੀਆਂ ਸਬਜ਼ੀਆਂ, ਸਾਬਤ ਅਨਾਜ ਅਤੇ ਢੁੱਕਵੀਂ ਮਾਤਰਾ ਵਿਚ ਫਲਾਂ ਦੀ ਵਰਤੋਂ, ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ ਜਾਂ ਕਸਰਤ ਅਤੇ ਸਰੀਰਕ ਭਾਰ ਨੂੰ ਸੰਤੁਲਿਤ ਰੱਖਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਮਿੱਠੇ ਪਦਾਰਥਾਂ, ਵਧੇਰੇ ਤੇਲ ਅਤੇ ਮੈਦੇ ਦੀ ਵਰਤੋਂ ਘਟਾਉਣ ਅਤੇ ਤੰਬਾਕੂਨੋਸ਼ੀ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ। ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ੂਗਰ ਬੇਕਾਬੂ ਰਹਿਣ ਨਾਲ ਦਿਲ, ਗੁਰਦਿਆਂ, ਅੱਖਾਂ ਅਤੇ ਨਸਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਜਿਨ੍ਹਾਂ ਵਿਅਕਤੀਆਂ ਨੂੰ ਸ਼ੂਗਰ ਹੈ, ਉਹ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਨਿਯਮਤ ਲੈਣ ਅਤੇ ਆਪਣੀ ਮਰਜ਼ੀ ਨਾਲ ਇਲਾਜ ਬੰਦ ਨਾ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਅਨੁਸਾਰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਅਤੇ ਡਾਕਟਰੀ ਸਲਾਹ ਜ਼ਰੂਰ ਲੈਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।