ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡਾਂ ਦੀ ਵੰਡ ਆਰੰਭ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡਾਂ ਦੀ ਵੰਡ ਆਰੰਭ
Publish Date: Tue, 22 Sep 2026 04:06 PM (IST)
Updated Date: Tue, 22 Sep 2026 04:09 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਵੱਲੋਂ ਸਿਹਤ ਬਲਾਕ ਮੁਜ਼ੱਫਰਪੁਰ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ 1129 ਤੋਂ ਵੱਧ ਸਿਹਤ ਕਾਰਡ ਵੰਡੇ ਗਏ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਮਹਿੰਗੇ ਇਲਾਜ ਦੇ ਵਿੱਤੀ ਬੋਝ ਤੋਂ ਰਾਹਤ ਦੇਣ ਵੱਲ ਇੱਕ ਮਹੱਤਵ ਪੂਰਨ ਸਿਹਤ ਸੁਰੱਖਿਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਗੰਭੀਰ ਬਿਮਾਰੀ ਜਾਂ ਮਹਿੰਗੇ ਇਲਾਜ ਦੀ ਸਥਿਤੀ ਵਿਚ ਪਰਿਵਾਰਾਂ ਨੂੰ ਅਕਸਰ ਵੱਡੇ ਆਰਥਿਕ ਖਰਚ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਸਿਹਤ ਕਾਰਡ ਪਰਿਵਾਰ ਲਈ ਇੱਕ ਮਹੱਤਵ ਪੂਰਨ ਸਿਹਤ ਸੁਰੱਖਿਆ ਕਵਚ ਵਜੋਂ ਕੰਮ ਕਰਦਾ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਲੋੜ ਪੈਣ ’ਤੇ ਯੋਜਨਾ ਅਧੀਨ ਉਪਲੱਬਧ ਸਿਹਤ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਦਾ ਮਕਸਦ ਸਿਰਫ਼ ਇਲਾਜ ਤੱਕ ਸੀਮਿਤ ਨਹੀਂ, ਸਗੋਂ ਸਮੇਂ ਸਿਰ ਇਲਾਜ ਤੱਕ ਪਹੁੰਚ ਅਤੇ ਪਰਿਵਾਰਾਂ ਨੂੰ ਵਿੱਤੀ ਚਿੰਤਾ ਤੋਂ ਰਾਹਤ ਦੇਣਾ ਵੀ ਹੈ। ਉਨ੍ਹਾਂ ਸਿਹਤ ਵਿਭਾਗ ਦੀਆਂ ਫੀਲਡ ਟੀਮਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਾਰਡਾਂ ਦੀ ਵੰਡ ਦੌਰਾਨ ਲਾਭਪਾਤਰੀਆਂ ਨੂੰ ਯੋਜਨਾ ਦੀ ਵਰਤੋਂ, ਉਪਲੱਬਧ ਸਹੂਲਤਾਂ ਅਤੇ ਲੋੜੀਂਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਕਾਰਡਾਂ ਦੀ ਵੰਡ ਦਾ ਉਦੇਸ਼ ਹਰ ਯੋਗ ਪਰਿਵਾਰ ਤੱਕ ਸਿਹਤ ਸੁਰੱਖਿਆ ਦੀ ਸਹੂਲਤ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਕਾਰਡ ਵੰਡ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕਰਨਾ ਵੀ ਵਿਭਾਗ ਦੀ ਤਰਜੀਹ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਪ੍ਰਦਾਨ ਕੀਤੇ ਅਤੇ ਯੋਜਨਾ ਸੰਬੰਧੀ ਲੋੜੀਂਦੀ ਜਾਣਕਾਰੀ ਦਿੱਤੀ।