ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ-ਗਣਨਾ ਪ੍ਰਕਿਰਿਆ ’ਚ ਭਾਗ ਲੈਣ ਦੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ
Publish Date: Tue, 17 Nov 2026 05:02 PM (IST)
Updated Date: Tue, 17 Nov 2026 05:03 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲਣ ਵਾਲੀ ਸਵੈ-ਗਣਨਾ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ। ਤਾਂ ਜੋ ਇਸ ਮਹੱਤਵਪੂਰਨ ਕੌਮੀ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਸਵੈ-ਗਣਨਾ ਦੀ ਸਹੂਲਤ ਰਾਹੀਂ ਹਰੇਕ ਪਰਿਵਾਰ ਨੂੰ ਇੱਕ ਸਰਲ, ਸੁਖਾਲੇ ਅਤੇ ਉਪਭੋਗਤਾ-ਅਨੁਕੂਲ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੇ ਘਰ-ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰਵਾਉਣ ਦਾ ਮੌਕਾ ਦਿੱਤਾ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣਾ ਹੈ। ਇਸ ਪਹਿਲਕਦਮੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਪ੍ਰਚਾਰ ਅਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰੀ ਵਿਭਾਗਾਂ, ਸ਼ਹਿਰੀ ਸਥਾਨਕ ਇਕਾਈਆਂ, ਗ੍ਰਾਮ ਪੰਚਾਇਤਾਂ, ਵਿੱਦਿਅਕ ਸੰਸਥਾਵਾਂ, ਜਨਤਕ ਨੁਮਾਇੰਦਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਸਵੈ-ਗਣਨਾ ਮੁਕੰਮਲ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਵਾਸੀ ਸਵੈ-ਗਣਨਾ ਲਈ ਅਧਿਕਾਰਤ ਪੋਰਟਲ https://se.census.gov.in/ ਤੇ ਜਾ ਕੇ ਆਪਣੇ ਘਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾਂ ਕਰਵਾਉਣ ਉਪਰੰਤ ਇੱਕ ਸਵੈ-ਗਣਨਾ ਆਈਡੀ (S5 94) ਜਾਰੀ ਕੀਤੀ ਜਾਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ। ਬਾਅਦ ਵਿੱਚ ਜਦੋਂ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਸ ਤੌਰ ਤੇ ਨੌਜਵਾਨਾਂ, ਸਰਕਾਰੀ ਕਰਮਚਾਰੀਆਂ, ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਪਹਿਲਕਦਮੀ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਸਵੈ-ਗਣਨਾ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਵਿਕਾਸ ਯੋਜਨਾਵਾਂ ਤਿਆਰ ਕਰਨ, ਪ੍ਰਭਾਵਸ਼ਾਲੀ ਪ੍ਰਸ਼ਾਸਨਿਕ ਪ੍ਰਬੰਧ ਯਕੀਨੀ ਬਣਾਉਣ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਪ੍ਰਦਾਨ ਕਰਦੇ ਹਨ। ਹਰੇਕ ਪਰਿਵਾਰ ਦੀ ਸਰਗਰਮ ਭਾਗੀਦਾਰੀ ਜਨਗਣਨਾ 2027 ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ।